imagesਅੰਮ੍ਰਿਤਸਰ 9 ਮਈ – ਸ੍ਰੀ ਅਨੰਦਪੁਰ ਸਾਹਿਬ ਜੀ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਤੀਕ ੯ ਜੂਨ ਨੂੰ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ। ਨਗਰ ਕੀਰਤਨ ਦੀ ਰੂਪ ਰੇਖਾ ਅਤੇ ਰਸਤਾ ਤਹਿ ਕਰਨ ਲਈ ਸ੍ਰ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਅਹਿਮ ਬੈਠਕ ਹੋਈ, ਜਿਸ ਵਿੱਚ ਸ੍ਰ: ਰਜਿੰਦਰ ਸਿੰਘ ਮਹਿਤਾ ਤੇ ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ, ਸ੍ਰ: ਸਰਵਨ ਸਿੰਘ ਕੁਲਾਰ, ਸ੍ਰ: ਕੁਲਵੰਤ ਸਿੰਘ ਮੰਨਣ, ਬੀਬੀ ਦਵਿੰਦਰ ਕੌਰ, ਸ੍ਰ: ਸੁਰਜੀਤ ਸਿੰਘ ਚੀਮਾ, ਸ੍ਰ: ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਹਰਭਜਨ ਸਿੰਘ ਮਨਾਵਾਂ ਤੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਸਰਵਨ ਸਿੰਘ, ਸ੍ਰ: ਸੁਰਜੀਤ ਸਿੰਘ ਤੇ ਸ੍ਰ:ਦਵਿੰਦਰ ਸਿੰਘ ਮੈਨੇਜਰ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ।
ਇਕੱਤਰਤਾ ‘ਚ ਲਏ ਫੈਂਸਲੇ ਦੀ ਜਾਣਕਾਰੀ ਦੇਂਦਿਆਂ ਸ੍ਰ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ੯ ਜੂਨ ਨੂੰ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ। ਇਹ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਤੋਂ ਚੱਲ ਕੇ ਜੰਡਿਆਲਾ ਗੁਰੂ, ਖਲਚੀਆਂ, ਰਈਆ, ਬਿਆਸ, ਢਿਲਵਾਂ, ਸੁਭਾਨਪੁਰ, ਕਰਤਾਰਪੁਰ, ਜਲੰਧਰ ਬਿਧੀਪੁਰ ਫਾਟਕ ਤੋਂ ਸ਼ਹਿਰ ਵਿੱਚ ਦੀ ਗੁਰੂ ਨਾਨਕ ਮਿਸ਼ਨ, ਬੀ ਐਮ ਸੀ ਚੌਂਕ, ਲਾਇਲਪੁਰ ਖਾਲਸਾ ਕਾਲਜ, ਪੀ ਏ ਪੀ ਚੌਂਕ ਤੋਂ ਫਗਵਾੜਾ ਸ਼ਹਿਰ ਵਿੱਚ ਦੀ ਹੁੰਦਾ ਹੋਇਆ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਰਾਤ ਵਿਸ਼ਰਾਮ ਕਰੇਗਾ। ਇਹ ਨਗਰ ਕੀਰਤਨ ੧੦ ਜੂਨ ੨੦੧੫ ਨੂੰ ਇਥੋਂ ਸਵੇਰੇ ੮-੦੦ ਵਜੇ ਰਵਾਨਾ ਹੋ ਕੇ ਬਹਿਰਾਮ, ਬੰਗਾ, ਕਰੀਹਾ, ਨਵਾਂ ਸ਼ਹਿਰ, ਗੜ੍ਹਸ਼ੰਕਰ, ਪੋਜੇਵਾਲ, ਕਾਨ੍ਹਪੁਰ ਖੂਹੀ, ਨੂਰਪੁਰ ਬੇਦੀ ਮੋੜ ਤੋਂ ਹੁੰਦਾ ਹੋਇਆ ਖਾਲਸੇ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸੰਪੰਨ ਹੋਵੇਗਾ। ਉਨ੍ਹਾਂ ਸਰਬੱਤ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਪ੍ਰੀਵਾਰਾਂ ਸਮੇਤ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੁ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।