ਅੰਮ੍ਰਿਤਸਰ, 19 ਮਈ (     ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਿਆਈ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਜਸਪਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰੀ ਭਰੀ, ਜਿਨ੍ਹਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ ਦੀ ਬਖਸ਼ਿਸ਼ ਕੀਤੀ।

ਇਸ ਮੌਕੇ ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ‘ਤੇ ਬਿਰਾਜਮਾਨ ਹੋਣ ਮਗਰੋਂ ਸਿੱਖਾਂ ਅੰਦਰ ਜੋਸ਼ ਭਰ ਕੇ ਜ਼ੁਲਮ ਵਿਰੁੱਧ ਲੜਨ ਦਾ ਸਾਹਸ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰਦਿਆਂ ਚੰਗੇ ਸ਼ਸਤਰ ਅਤੇ ਘੋੜੇ ਲਿਆਉਣ ਲਈ ਕਿਹਾ ਤਾਂ ਜੋ ਧਰਮ ਦੀ ਰੱਖਿਆ ਲਈ ਅਕਾਲ ਪੁਰਖ ਕੀ ਫੌਜ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰਮਤਿ ਅਨੁਸਾਰ ਭਗਤੀ ਤੇ ਸ਼ਕਤੀ ਦਾ ਸੁਮੇਲ ਜ਼ਰੂਰੀ ਹੈ ਅਤੇ ਸਿੱਖਾਂ ਨੂੰ ਨਾਮ ਅਭਿਆਸੀ ਹੋਣ ਦੇ ਨਾਲ-ਨਾਲ ਸ਼ਸਤਰਧਾਰੀ ਹੋਣ ਦਾ ਵੀ ਹੁਕਮ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨ ਦੀ ਪ੍ਰੇਰਨਾ ਕੀਤੀ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਜਗਸੀਰ ਸਿੰਘ ਮਾਂਗੇਆਣਾ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ ਤੇ ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਰਘਬੀਰ ਸਿੰਘ ਮੰਡ, ਐਡੀਸ਼ਨਲ ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।