ਅੰਮ੍ਰਿਤਸਰ, ੧੧ ਜੁਲਾਈ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ ਜ਼ੁਲਮ ਵਿਰੁੱਧ ਇਕ ਸੰਘਰਸ਼ ਹੈ। ਉਨ੍ਹਾਂ ਆਖਿਆ ਕਿ ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤੀ ਦੇਰ ਨਹੀਂ ਚੱਲਣੇ। ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਜਬਰ ਦਾ ਮੁਕਾਬਲਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ। ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਵੀ ਦਿੱਤੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬਿਧੀ ਚੰਦ ਸੰਪਰਦਾ ਵੱਲੋਂ ਬਾਬਾ ਸਾਧ ਸਿੰਘ, ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਸ਼ਾਹਬਾਜ਼ ਸਿੰਘ ਇੰਚਾਰਜ, ਸ. ਮਨਜੀਤ ਸਿੰਘ, ਸ. ਨਿਰਵੈਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।