ਅੰਮ੍ਰਿਤਸਰ : 14 ਜੂਨ (        ) ਸ੍ਰੀ ਗੁਰੂ ਰਾਮਦਾਸ ਸਾਹਿਬ ਵੱਲੋਂ ਵਰੋਸਾਈ ਪਾਵਨ ਪਵਿੱਤਰ ਤੇ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।੧੨ ਜੂਨ ਦਿਨ ਸ਼ੁੱਕਰਵਾਰ ਸਵੇਰ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੧੪ ਜੂਨ ਐਤਵਾਰ ਨੂੰ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਡਾਕਟਰ ਰੂਪ ਸਿੰਘ ਸਕੱਤਰ ਨੇ ਕਿਹਾ ਕਿ ਅੱਜ ਅਸੀਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾ ਹੇਠ ਅੰਮ੍ਰਿਤਸਰ ਸ਼ਹਿਰ ਦਾ ਸਥਾਪਨਾ ਦਿਵਸ ਮਨਾਉਣ ਲਈ ਇਕੱਤਰ ਹੋਏ ਹਾਂ।ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਦੀ ਇਹ ਪਵਿੱਤਰ ਧਰਤੀ ਜਿਥੇ ਅੱਜ-ਕੱਲ੍ਹ ਬਹੁਤ ਸੁੰਦਰ ਸ਼ਹਿਰ ਅੰਮ੍ਰਿਤਸਰ ਵਸਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਆਪ ਜ਼ਮੀਨ ਖਰੀਦ ਕੇ ਵਸਾਇਆ ਸੀ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਨਾਨਕ ਪਾਤਸ਼ਾਹ ਨੇ ਕਰਤਾਰਪੁਰ, ਸ੍ਰੀ ਗੁਰੂ ਅਰਮਦਾਸ ਜੀ ਨੇ ਗੋਵਿੰਦਵਾਲ ਆਦਿ ਸ਼ਹਿਰ ਵਸਾਏ ਹਨ।ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਗੁਰੂ ਸਾਹਿਬ ਵੱਲੋਂ ਵਸਾਈ ਇਸ ਨਗਰੀ ਨੂੰ ਹਰਿਆ-ਭਰਿਆ ਤੇ ਇਸ ਦੀ ਸਾਫ-ਸਫਾਈ ਵੱਲ ਖਾਸ ਧਿਆਨ ਰਖੀਏ ਤਾਂ ਜੋ ਦੁਨੀਆਂ ਦੇ ਕੋਨੇ-ਕੋਨੇ ਤੋਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਅੰਮ੍ਰਿਤਸਰ ਵਾਸੀਆਂ ਪ੍ਰਤੀ ਚੰਗਾ ਪ੍ਰਭਾਵ ਲੈ ਕੇ ਜਾਣ।

ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ, ਸ. ਬਿਜੈ ਸਿੰਘ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸਕੱਤਰ ਸਿੰਘ ਤੇ ਸ. ਗੁਰਦੇਵ ਸਿੰਘ ਉਬੋਕੇ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਜਤਿੰਦਰ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ ਸੁਪ੍ਰਿੰਟੈਂਡੈਂਟ, ਸ. ਸੁਖਰਾਜ ਸਿੰਘ ਐਡੀਸ਼ਨਲ ਮੈਨੇਜਰ, ਇੰਚਾਰਜ ਸ. ਜਸਪਾਲ ਸਿੰਘ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਕਰਨਜੀਤ ਸਿੰਘ, ਸ. ਗੁਰਮੀਤ ਸਿੰਘ, ਸ. ਬਲਵਿੰਦਰ ਸਿੰਘ, ਸ. ਤਜਿੰਦਰ ਸਿੰਘ ਤੇ ਸ. ਮਨਿੰਦਰਮੋਹਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।