ਅੰਮ੍ਰਿਤਸਰ 27 ਮਾਰਚ (      ) ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ੫ ਅਪ੍ਰੈਲ ੨੦੧੭ ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਇਥੋਂ ਜਾਰੀ ਪ੍ਰੈਸ ਬਿਆਨ ‘ਚ ਕੀਤਾ।
ਉਨ੍ਹਾਂ ਕਿਹਾ ਕਿ ਜਿਹੜੇ ਯਾਤਰੂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ-ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ, ਅਧਾਰ ਕਾਰਡ ਜਾਂ ਪੈਨ ਕਾਰਡ ਵਿਚੋਂ ਕਿਸੇ ਇਕ ਦੀ ਫੋਟੋ ਕਾਪੀ ਸਮੇਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ੫ ਅਪ੍ਰੈਲ ੨੦੧੭ ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਵਾਸਤੇ ਉਨ੍ਹਾਂ ਦੇ ਪਾਸਪੋਰਟ ਲਿਸਟ ‘ਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸਮੇਂ ਸਿਰ ਭੇਜੇ ਜਾ ਸਕਣ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: ੦੧੮੩-੨੫੫੩੯੫੭, ੫੮, ੫੯ ਅਤੇ ਐਕਸਟੈਂਸ਼ਨ ੨੪੯ ‘ਤੇ ਸੰਪਰਕ ਕਰ ਸਕਦੇ ਹਨ।