ਸ੍ਰੀ ਅੰਮ੍ਰਿਤਸਰ ੨੫ ਮਾਰਚ (         ) ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਖਾਮਪੁਰ ਜਿਲ੍ਹਾ ਬਡਗਾਮ (ਕਸ਼ਮੀਰ) ਵਿਖੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਅਤੇ ਪਾਲਕੀ ਸਾਹਿਬ ਸਮੇਤ ਗੁਰੂ ਘਰ ਦੀ ਗੋਲਕ ਤੋੜਨ ਦੀ ਵਾਪਰੀ ਘਟਨਾ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਗੁਰੂ ਹਨ, ਜਿਨ੍ਹਾਂ ਦਾ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਪਰ ਕਸ਼ਮੀਰ ਦੇ ਇਲਾਕੇ ਵਿਚ ਵਾਪਰੀ ਇਹ ਦੁੱਖਦਾਈ ਘਟਨਾ ਡੂੰਘੀ ਮਾਨਸਿਕ ਪੀੜਾ ਦੇਣ ਵਾਲੀ ਹੈ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿੰਡ ਖਾਮਪੁਰ ਜਿਲ੍ਹਾ ਬਡਗਾਮ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਸਜਾਵਾਂ ਦਿੱਤੀਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਹਲਾਤਾਂ ਨੂੰ ਸਥਿਰ ਰੱਖਣ ਲਈ ਸਖਤ ਕਦਮ ਚੁੱਕਣ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜੰਮੂ-ਕਸ਼ਮੀਰ ਵਿਚ ਵੱਸਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਸੁਚੇਤ ਹੋ ਕੇ ਗੁਰੂ-ਘਰਾਂ ਦੀ ਸੁਰੱਖਿਆ ਲਈ ਆਪਣੇ ਤੌਰ ਤੇ ਪੁਖਤਾ ਪ੍ਰਬੰਧ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸੰਗਤ ਨੂੰ ਪੂਰਨ ਰੂਪ ਵਿਚ ਚੇਤੰਨ ਹੋ ਕੇ ਆਪੋ ਆਪਣੇ ਨਗਰਾਂ ਦੇ ਗੁਰੂ ਘਰਾਂ ਦੀ ਪਹਿਰੇਦਾਰੀ ਨੂੰ ਲਾਜ਼ਮੀ ਬਣਾਉਣਾਂ ਪਵੇਗਾ ਤਾਂ ਕਿ ਸ਼ਰਾਰਤੀ ਅਨਸਰ ਆਪਣੇ ਕੋਝੇ ਮਨਸੂਬਿਆਂ ਨੂੰ ਅੰਜਾਮ ਨਾ ਦੇ ਸਕਣ।