ਅੰਮ੍ਰਿਤਸਰ, 15 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਰੋਕਣ ਸਬੰਧੀ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਸ ਗੁਰੂ ਘਰ ਅੰਦਰ ਅਣਗਹਿਲੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਵੇਗੀ, ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਹੀਂ ਦਿੱਤੇ ਜਾਣਗੇ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਇਸ ਸਬੰਧੀ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਗੁਰੂ ਘਰਾਂ ਦੀ ਨਿਗਰਾਨੀ ਬਹੁਤ ਜ਼ਰੂਰੀ ਹੈ ਅਤੇ ਇਸੇ ਦੇ ਮੱਦੇਨਜ਼ਰ ਸਿੰਘ ਸਾਹਿਬਾਨ ਦਾ ਫੈਸਲਾ ਵੱਡੇ ਅਰਥ ਰੱਖਦਾ ਹੈ। ਉਨ੍ਹਾਂ ਕਿਹਾ ਕਿ ਬਹੁਤੀ ਵਾਰ ਬੇਅਦਬੀ ਦੀਆਂ ਘਟਨਾਵਾਂ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਹੀ ਵਾਪਰਦੀਆਂ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਗੁਰਦੁਆਰਾ ਪ੍ਰਬੰਧਕਾਂ ਨੂੰ ਆਪਣੀ ਜ਼ਿੰਮੇਵਾਰੀ ਚੇਤੰਨਤਾ ਨਾਲ ਨਿਭਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਿੰਘ ਸਾਹਿਬਾਨ ਵੱਲੋਂ ਗੁਰੂ ਘਰਾਂ ਅੰਦਰ ਚਲਾਏ ਜਾਂਦੇ ਸਪੀਕਰਾਂ ਦੀ ਅਵਾਜ਼ ਸੀਮਤ ਰੱਖਣ ਦੇ ਆਦੇਸ਼ ਨੂੰ ਵੀ ਸਮੇਂ ਦੇ ਅਨੁਕੂਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਮੰਨਣ ਲਈ ਸਮੁੱਚੀ ਸਿੱਖ ਕੌਮ ਪਾਬੰਦ ਹੋਵੇ, ਤਾਂ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ‘ਤੇ ਆਰੰਭੀ ਗਈ ਇਕ ਪਿੰਡ ਇਕ ਗੁਰਦੁਆਰਾ ਸਾਹਿਬ ਮੁਹਿੰਮ ਦਾ ਹਿੱਸਾ ਬਣਨ ਦੀ ਵੀ ਸੰਗਤਾਂ ਨੂੰ ਅਪੀਲ ਕੀਤੀ ਹੈ।