ਮੰਦਭਾਗਾ ਹੈ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ -ਭਾਈ ਲੌਂਗੋਵਾਲ

ਅੰਮ੍ਰਿਤਸਰ, 21 ਨਵੰਬਰ – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 23 ਨਵੰਬਰ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1227 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਤੇ ਬੀਬੀ ਸਵਰਨ ਕੌਰ ਤੇੜਾ ਦੀ ਅਗਵਾਈ ਹੇਠ ਜਥੇ ਨੂੰ ਰਵਾਨਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਨਾਲ ਜਨਰਲ ਪ੍ਰਬੰਧਕ ਵਜੋਂ ਸ. ਕਰਨਜੀਤ ਸਿੰਘ ਇੰਚਾਰਜ ਯਾਤਰਾ ਵਿਭਾਗ ਗਏ ਹਨ। ਜਥਾ ਤੋਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦਿੱਤੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1630 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 403 ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਏ ਹਨ। ਜਥੇ ਦੀ ਰਵਾਨੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਜਥੇ ਵਿੱਚੋਂ 400 ਤੋਂ ਵੱਧ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗੀ ਗੱਲ ਹੈ, ਕਿਉਂਕਿ ਇਸ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਂਦੇ, ਪਰੰਤੂ ਪਾਕਿਸਤਾਨ ਦੂਤਾਵਾਸ ਨੇ ਭੇਜੇ ਗਏ ਪਾਸਪੋਰਟਾਂ ਵਿੱਚੋਂ ਵੀ ਵੀਜ਼ੇ ਰੱਦ ਦਿੱਤੇ ਹਨ, ਜਿਸ ਨਾਲ ਸਿੱਖ ਸੰਗਤਾਂ ਵਿਚ ਰੋਸ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਸਾਲ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਇਕ ਵਫ਼ਦ ਭੇਜਿਆ ਜਾਵੇਗਾ, ਜਦਕਿ ਇਸ ਜਥੇ ਦੇ ਆਗੂ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਸਬੰਧਤ ਵਿਭਾਗ ਦੇ ਨੁਮਾਇੰਦਿਆਂ ਨਾਲ ਗੱਲ ਕਰਨਗੇ। ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਸਬੰਧੀ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਤੱਕ ਇਸ ਸਬੰਧ ਵਿਚ ਕਈ ਵਾਰ ਪਹੁੰਚ ਕੀਤੀ ਹੈ ਅਤੇ ਉਹ ਭਵਿੱਖ ਵਿਚ ਵੀ ਇਸ ਸਬੰਧੀ ਯਤਨ ਜਾਰੀ ਰੱਖਣਗੇ।
ਸ਼੍ਰੋਮਣੀ ਕਮੇਟੀ ਵੱਲੋਂ ਜਥੇ ਰਾਹੀਂ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਲਈ ਧਾਰਮਿਕ ਲਿਟਰੇਚਰ ਤੋਂ ਇਲਾਵਾ ਨਿਸ਼ਾਨ ਸਾਹਿਬ ਚੋਲੇ, ਹਾਰਮੋਨੀਅਮ ਤੇ ਤਬਲਾ ਦੇ ਸੈੱਟ, ਕਕਾਰ, ਲੋਈਆਂ, ਸਿਰੋਪਾਓ, ਗੁਟਕਾ ਸਾਹਿਬ ਤੇ ਰੁਮਾਲੇ ਭੇਜੇ ਗਏ ਹਨ। ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਸੱਕਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਨਿਸ਼ਾਨ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਸ. ਕਰਨਜੀਤ ਸਿੰਘ ਤੇ ਕਰਮਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਹਾਜ਼ਰ ਸੀ।