ਸ਼ਬਦ ਗੁਰੂ ਯਾਤਰਾ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 9 ਫ਼ਰਵਰੀ– ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਸਾਹਿਬ ਬਣਵਾਲਾ ਅੰਨੂ ਸ੍ਰੀ ਮੁਕਸਤਰ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜਗਦੇਵ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਬਲਵੰਤ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਹਲਕਾ ਮਲੋਟ ਵਿਧਾਇਕ ਹਰਪ੍ਰੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ. ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਕਿਰਨਬੀਰ ਕੌਰ ਭੁੱਲਰਵਾਲਾ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਦੀਪਇੰਦਰ ਸਿੰਘ ਇੰਚਾਰਜ ੮੫, ਸ. ਨਿਰੰਜਨ ਸਿੰਘ ਸੁਪਰਵਾਈਜ਼ਰ, ਸ. ਜਸਬੀਰ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਬਲਦੇਵ ਸਿੰਘ ਮੈਨੇਜਰ, ਸ. ਮੁਕੰਦ ਸਿੰਘ ਗੁਰਦੁਆਰਾ ਇੰਸਪੈਕਟਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।