ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬੁਢਲਾਡਾ ਤੋਂ ਅਗਲੇ ਪੜਾਅ ਲਈ ਰਵਾਨਾ


ਅੰਮ੍ਰਿਤਸਰ, ੧੪ ਫ਼ਰਵਰੀ– ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ। ਅੱਜ ਇਹ ਯਾਤਰਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁਢਲਾਡਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਹ ਯਾਤਰਾ ਦਾਤੇਵਾਸ, ਦਿਆਲਪੁਰਾ ਕਾਹਨਗੜ੍ਹ, ਬਖਸ਼ੀਵਾਲਾ, ਚੋਟੀਆਂ, ਕੈਚੀਆਂ, ਅਲੀ ਸ਼ੇਰ ਨਗਰਾਂ ਤੋਂ ਹੁੰਦੀ ਹੋਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸੇ ਦੌਰਾਨ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪ੍ਰਿੰਸੀਪਲ ਸ. ਕੁਲਦੀਪ ਸਿੰਘ ਬੱਲ ਸਮੇਤ ਕਾਲਜ ਸਟਾਫ਼ ਅਤੇ ਬੱਚਿਆਂ ਵੱਲੋਂ ਸ਼ਬਦ ਗੁਰੂ ਯਾਤਰਾ ਦਾ ਭਰਵਾਂ ਸਵਾਗਤ ਕਰਦਿਆਂ ਸੰਗਤ ਲਈ ਲੰਗਰ ਲਗਾਇਆ ਗਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ. ਗੁਰਮੇਲ ਸਿੰਘ ਫਫੜੇ, ਬੀਬੀ ਜਸਵੀਰ ਕੌਰ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਕਰਨ ਸਿੰਘ, ਸੁਪਰਵਾਈਜ਼ਰ ਸ. ਸਤਵਿੰਦਰ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਦੀਵਾਨ ਸਿੰਘ, ਸ. ਲਖਵੀਰ ਸਿੰਘ, ਸ. ਗੁਰਤੇਜ ਸਿੰਘ ਤੇ ਸ. ਗੁਰਵਿੰਦਰ ਸਿੰਘ, ਪ੍ਰਚਾਰਕ ਭਾਈ ਲੱਖਾ ਸਿੰਘ ਦਾਤੇਵਾਸ ਤੇ ਭਾਈ ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।