ਸ਼੍ਰੋਮਣੀ ਕਮੇਟੀ ੭ ਜਨਵਰੀ ੨੦੧੯ ਤੋਂ ਪੰਜਾਬ ਭਰ ‘ਚ ਸਜਾਵੇਗੀ ਵਿਸ਼ਾਲ ਨਗਰ ਕੀਰਤਨ
-ਨਗਰ ਕੀਰਤਨ ਦਾ ਮੰਤਵ ਪ੍ਰਕਾਸ਼ ਗੁਰਪੁਰਬ ਸਬੰਧੀ ਸੰਗਤ ਨੂੰ ਪ੍ਰੇਰਿਤ ਕਰਨਾ-ਭਾਈ ਲੌਂਗੋਵਾਲ

ਅੰਮ੍ਰਿਤਸਰ, 10 ਦਸੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਨਗਰ ਕੀਰਤਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ‘ਚੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਲੰਘੇਗਾ। ਨਗਰ ਕੀਰਤਨ ਦੀ ਤਿਆਰੀ ਅਤੇ ਰੂਪ ਰੇਖਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਤੌਰ ‘ਤੇ ਕਾਰਵਾਈ ਆਰੰਭੀ ਗਈ ਹੈ, ਜਿਸ ਤਹਿਤ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਘਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਮੇਟੀ ਅਹੁਦੇਦਾਰਾਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ, ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਲੰਘੀ ੨੩ ਨਵੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਕੀਤੀ ਜਾ ਚੁੱਕੀ ਹੈ ਅਤੇ ਇਸੇ ਦੀ ਨਿਰੰਤਰਤਾ ਵਿਚ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ੭ ਜਨਵਰੀ ੨੦੧੯ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਤੋਂ ਸ਼ੁਰੂ ਹੋਵੇਗਾ, ਜੋ ਅਗਲੇ ਕੁਝ ਮਹੀਨੇ ਪੰਜਾਬ ਦੇ ਵੱਖ ਵੱਖ ਹਲਕਿਆਂ ਵਿਚੋਂ ਹੁੰਦਾ ਹੋਇਆ ਵਾਪਸ ਸੁਲਤਾਨਪੁਰ ਲੋਧੀ ਵਿਖੇ ਹੀ ਸੰਪੂਰਣ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਨਗਰ ਕੀਰਤਨ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਇਤਿਹਾਸਕ ਗੁਰਪੁਰਬ ਮੌਕੇ ਜਾਹੋ-ਜਲਾਲ ਨਾਲ ਸ਼ਮੂਲੀਅਤ ਕਰਨ ਸਬੰਧੀ ਪ੍ਰੇਰਣਾ ਦਿੰਦਾ ਹੋਇਆ ਅਪ੍ਰੈਲ ਮਹੀਨੇ ਤੱਕ ਸਾਰੇ ਪੰਜਾਬ ਦੀ ਯਾਤਰਾ ਸੰਪੂਰਨ ਕਰੇਗਾ। ਭਾਈ ਲੌਂਗੋਵਾਲ ਅਨੁਸਾਰ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਜਾਵੇਗਾ, ਜਿਸ ਦੇ ਸਵਾਗਤ ਅਤੇ ਸਤਿਕਾਰ ਲਈ ਸੰਗਤ ਨੂੰ ਉਚੇਚੇ ਤੌਰ ‘ਤੇ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਕੀਰਤਨ ਨਾਲ ਸੰਗਤ ਦੇ ਦਰਸ਼ਨਾਂ ਲਈ ਇਤਿਹਾਸਕ ਸ਼ਸਤਰਾਂ ਅਤੇ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਵਾਲੀ ਬੱਸ ਵੀ ਚੱਲੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਗਰ ਕੀਰਤਨ ਦੇ ਮੁੱਢਲੇ ਰੂਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ੭ ਜਨਵਰੀ ੨੦੧੯ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ਨਗਰ ਕੀਰਤਨ ਦੇ ਰਾਤ ਦਾ ਵਿਸ਼ਰਾਮ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਵੇਗਾ, ਜਿਥੋਂ ੮ ਜਨਵਰੀ ਨੂੰ ਤਰਨ ਤਾਰਨ ਲਈ ਰਵਾਨਾ ਹੋਵੇਗਾ। ੯ ਜਨਵਰੀ ਨੂੰ ਤਰਨ ਤਾਰਨ ਤੋਂ ਪਹੂਵਿੰਡ, ੧੦ ਜਨਵਰੀ ਨੂੰ ਪਹੂਵਿੰਡ ਤੋਂ ਕੈਰੋਂ/ਪੱਟੀ, ੧੧ ਜਨਵਰੀ ਨੂੰ ਕੈਰੋਂ/ਪੱਟੀ ਤੋਂ ਆਰਫਕੇ (ਫਿਰੋਜਪੁਰ) ਅਤੇ ੧੨ ਜਨਵਰੀ ਨੂੰ ਆਰਫਕੇ ਤੋਂ ਚੱਲ ਕੇ ਗੁਰਦੁਆਰਾ ਸਾਹਿਬ ਬਜੀਦਪੁਰ ਵਿਖੇ ਰਾਤ ਦਾ ਵਿਸ਼ਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਮੈਂਬਰ ਸਾਹਿਬਾਨ ਅਤੇ ਪ੍ਰਚਾਰਕਾਂ ਨੂੰ ਨਗਰ ਕੀਰਤਨ ਦੇ ਅਗਲੇ ਰੂਟ ਸਬੰਧੀ ਇਕ ਹਫਤੇ ਅੰਦਰ ਮੁਕੰਮਲ ਜਾਣਕਾਰੀ ਤਿਆਰ ਕਰਕੇ ਦਫ਼ਤਰ ਵਿਖੇ ਦੇਣ ਲਈ ਕਿਹਾ ਗਿਆ ਹੈ, ਤਾਂ ਜੋ ਸੰਗਤ ਨੂੰ ਉਸ ਸਬੰਧੀ ਅਗਾਊਂ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਗੁਰਦੁਆਰਾ ਕਮੇਟੀਆਂ, ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ, ਸੁਖਮਨੀ ਸੁਸਾਇਟੀਆਂ, ਸਿੱਖ ਸੰਸਥਾਵਾਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਗੁਰੂ ਸਾਹਿਬ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਸੰਗਤ ਵਿਚ ਵੱਧ ਤੋਂ ਵੱਧ ਪ੍ਰੇਰਣਾ ਤੇ ਉਤਸ਼ਾਹ ਪੈਦਾ ਕੀਤਾ ਜਾ ਸਕੇ।
ਨਗਰ ਕੀਰਤਨ ਸਬੰਧੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਸ. ਸਿਕੰਦਰ ਸਿੰਘ ਮਲੂਕਾ, ਬੀਬੀ ਉਪਿੰਦਰਜੀਤ ਕੌਰ, ਸ. ਵਿਰਸਾ ਸਿੰਘ ਵਲਟੋਹਾ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸ. ਚਰਨਜੀਤ ਸਿੰਘ ਬਰਾੜ, ਸ੍ਰੀ ਪ੍ਰਕਾਸ਼ ਚੰਦ ਗਰਗ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਮਰੀਕ ਸਿੰਘ ਵਿਛੋਆ, ਭਾਈ ਮਨਜੀਤ ਸਿੰਘ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸਤਨਾਮ ਸਿੰਘ ਰਾਹੀਂ ਭਦੌੜ, ਸ. ਹਰਿੰਦਰ ਸਿੰਘ ਰਣੀਆ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ, ਸ. ਪਰਮਜੀਤ ਸਿੰਘ ਰਾਏਪੁਰ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਜੈਪਾਲ ਸਿੰਘ ਮੰਡੀਆ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਤਨ ਸਿੰਘ ਜਫਰਵਾਲ, ਸ. ਅਮਰਜੀਤ ਸਿੰਘ ਬੰਡਾਲਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਗੁਰਲਾਲ ਸਿੰਘ, ਸ. ਅਵਤਾਰ ਸਿੰਘ ਜੀਰਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਡਾ. ਰੂਪ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਇੰਜ: ਸੁਖਮਿੰਦਰ ਸਿੰਘ, ਸ. ਬਿਜੈ ਸਿੰਘ ਬਾਦੀਆਂ ਆਦਿ ਮੌਜੂਦ ਸਨ।