ਸੈਮੀਨਾਰਾਂ ਦੀ ਮੁੱਢਲੀ ਰੂਪ-ਰੇਖਾ ਤੇ ਵਿਉਂਤਬੰਦੀ ਲਈ ਹੋਈ ਇਕੱਤਰਤਾ

ਅੰਮ੍ਰਿਤਸਰ ੧੪ ਜੁਲਾਈ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਵੱਖ-ਵੱਖ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾਣਗੇ, ਉਥੇ ਹੀ ਪੰਜ ਵਿਸ਼ਾਲ ਸੈਮੀਨਾਰਾਂ ਦਾ ਵੀ ਪ੍ਰਬੰਧ ਕੀਤਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਇਨ੍ਹਾਂ ਸੈਮੀਨਾਰਾਂ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਰੂਪ-ਰੇਖਾ ਅਤੇ ਵਿਉਂਤਬੰਦੀ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੱਜ ਮੈਂਬਰਾਂ, ਅਧਿਕਾਰੀਆਂ ਅਤੇ ਸਿੱਖ ਬੁੱਧੀਜੀਵੀਆਂ ਦੀ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂੰ, ਸ. ਰਾਮਪਾਲ ਸਿੰਘ ਬਹਿਣੀਵਾਲ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ, ਪ੍ਰਸਿੱਧ ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਦੇ ਡਾਇਰੈਕਟਰ ਡਾ. ਚਮਕੌਰ ਸਿੰਘ, ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਸ਼ਾਮਲ ਹੋਏ। ਇਕੱਤਰਤਾ ਤੋਂ ਬਾਅਦ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ, ਜੋ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸੈਮੀਨਾਰਾਂ ਦੀ ਅਕਾਦਮਿਕ ਰੂਪ-ਰੇਖਾ ਲਈ ਡਾ. ਚਮਕੌਰ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਸੈਮੀਨਾਰਾਂ ਦੌਰਾਨ ਪੜ੍ਹੇ ਜਾਣ ਵਾਲੇ ਪਰਚਿਆਂ ਲਈ ਵਿਦਵਾਨਾਂ, ਪਰਚਿਆਂ ਦੇ ਵਿਸ਼ਿਆਂ ਆਦਿ ਲਈ ਕਾਰਜ ਕਰਨਗੇ। ਉਨ੍ਹਾਂ ਦੱਸਿਆ ਕਿ ਜਲਦ ਹੀ ਸਬ-ਕਮੇਟੀ ਦੀ ਅਗਲੀ ਇਕੱਤਰਤਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਹੋਵੇਗੀ। ਇਸ ਮੌਕੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਪ੍ਰੋਫੈਸਰ ਸੁਖਦੇਵ ਸਿੰਘ, ਸ. ਟੇਕ ਸਿੰਘ ਸਮੇਤ ਹੋਰ ਮੌਜੂਦ ਸਨ।