ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ

ਅੰਮ੍ਰਿਤਸਰ 04 ਨਵੰਬਰ (      ) ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੪੮ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤ ਵੇਲੇ ਤੋਂ ਹੀ ਪੁੱਜੀਆਂ ਸੰਗਤਾਂ ਨੇ ਪਾਵਨ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ‘ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਕਾਰਜ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਭਾਈ ਹਰਮਿੱਤਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਭਾਈ ਹਰਿਮੱਤਰ ਸਿੰਘ ਕਥਾਵਾਚਕ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਤੇ ਚੱਲਣ ਦੀ ਪ੍ਰੇਰਨਾ ਕੀਤੀ। ਭਾਈ ਹਰਮਿੱਤਰ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਰਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਲਖਬੀਰ ਸਿੰਘ ਤੇ ਸ. ਸਤਨਾਮ ਸਿੰਘ, ਸ. ਪਰਉਪਕਾਰ ਸਿੰਘ ਚੀਫ਼ ਅਕਾਊਂਟੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਕਾਬਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜੀ ਚਲਾਈ ਜਾਵੇਗੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਦੀਵਾਨ ਸੱਜਣਗੇ, ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰ ਅਤੇ ਕਵੀ ਜਨ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਜੋੜਨਗੇ।