ਪਹਿਲੇ ਪਾਤਸ਼ਾਹ ਨੇ ਧਾਰਮਿਕ ਅਗਵਾਈ ਦੇ ਨਾਲ ਨਾਲ ਸਮਾਜਿਕ ਢਾਂਚੇ ਨੂੰ ਵੀ ਦਿੱਤੀ ਨਵੀਂ ਦਿਸ਼ਾ-ਬੀਬੀ ਜਗੀਰ ਕੌਰ
ਸੁਲਤਾਨਪੁਰ ਲੋਧੀ, 30 ਨਵੰਬਰ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰੂ ਸਾਹਿਬ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਮਹਾਂਪੁਰਖਾਂ ਵੱਲੋਂ ਲੰਗਰਾਂ ਦੀ ਸੇਵਾ ਕੀਤੀ ਗਈ। ਬੀਤੇ ਕੱਲ੍ਹ ਤੋਂ ਹੀ ਸੰਗਤ ਦੀ ਭਰਵੀਂ ਆਮਦ ਬਣੀ ਰਹੀ। ਇਸੇ ਦੌਰਾਨ ਅੱਜ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕੀਤੇ ਗਏ ਵਿਸ਼ੇਸ਼ ਸ਼ੁਕਰਾਨਾ ਤੇ ਸਨਮਾਨ ਸਮਾਗਮ ਦੌਰਾਨ ਬੀਤੇ ਸਾਲ ਮਨਾਏ ਗਏ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵੱਖ-ਵੱੱਖ ਸੇਵਾਵਾਂ ਨਿਭਾਉਣ ਵਾਲੇ ਮਹਾਂਪੁਰਖਾਂ, ਸਿੱਖ ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਅੰਮ੍ਰਿਤਮਈ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਸਾਹਿਬ ਜੀ ਦਾ ਆਗਮਨ ਲੋਕਾਈ ਨੂੰ ਵਹਿਮਾਂ, ਭਰਮਾਂ, ਪਾਖੰਡਾਂ, ਊਚ-ਨੀਚ, ਜਾਤ-ਪਾਤ, ਭੇਦ-ਭਾਵ ਆਦਿ ਵਿੱਚੋਂ ਕੱਢਣ ਲਈ ਹੋਇਆ। ਉਨ੍ਹਾਂ ਨੇ ਆਪਣੇ ਉਪਦੇਸ਼ਾਂ ਰਾਹੀਂ ਹੱਕ ਤੇ ਸੱਚ ਦੀ ਗੱਲ ਕੀਤੀ ਅਤੇ ਸਮਾਜ ਦੀ ਬੇਹਤਰੀ ਲਈ ਇਕ ਚੰਗੀ ਜੀਵਨ ਜਾਚ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਧਾਰਮਿਕ ਤੌਰ ’ਤੇ ਅਗਵਾਈ ਦੇਣ ਦੇ ਨਾਲ-ਨਾਲ ਸਮਾਜਿਕ ਬਰਾਬਰਤਾ ਅਤੇ ਆਰਥਿਕ ਮਾਡਲ ਪੇਸ਼ ਕਰਦਿਆਂ ਕਿਰਤ ਨੂੰ ਮਹਾਨਤਾ ਦਿੱਤੀ। ਜੇਕਰ ਅਸੀਂ ਚੰਗੇ ਜੀਵਨ ਦੀ ਕਾਮਨਾ ਕਰਦੇ ਹਾਂ ਤਾਂ ਸਾਨੂੰ ਗੁਰੂ ਸਾਹਿਬ ਜੀ ਵੱਲੋਂ ਦਿੱਤੇ ਗਏ ਸਰਬਪੱਖੀ ਮਾਡਲ ਨੂੰ ਅਪਨਾਉਣਾ ਪਵੇਗਾ। ਬੀਬੀ ਜਗੀਰ ਕੌਰ ਨੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਫਲਸਫੇ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਵੀ ਕਿਹਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਬੀਤੇ ਸਾਲ 550ਵੇਂ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਅਤੇ ਸੇਵਾ ਨਿਭਾਉਣ ਵਾਲੀਆਂ ਸੰਪ੍ਰਦਾਵਾਂ ਤੇ ਜਥੇਬੰਦੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਸਨਮਾਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ, ਕਾਰਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਜੀਤ ਸਿੰਘ ਜੌਲਾਂਵਾਲੇ, ਬਾਬਾ ਜਸਪਾਲ ਸਿੰਘ ਜੌਹਲਾਂ, ਬਾਬਾ ਪ੍ਰਦੀਪ ਸਿੰਘ ਬਧਨੀ ਵਾਲੇ, ਬਾਬਾ ਸਨਤਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਰਘਬੀਰ ਸਿੰਘ ਤਰਨਾ ਦਲ, ਬਾਬਾ ਅਮਰੀਕ ਸਿੰਘ ਪਟਿਆਲਾ, ਬਾਬਾ ਹਰਦਵ ਸਿੰਘ ਬੜੂ ਸਾਹਿਬ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਬਲਵੰਤ ਸਿੰਘ ਆਦਿ ਸਮੇਤ 550ਵੇਂ ਪ੍ਰਕਾਸ਼ ਪੁਰਬ ਮੌਕੇ ਸੇਵਾ ਨਿਭਾਉਣ ਵਾਲੀਆਂ 150 ਦੇ ਕਰੀਬ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਇਨ੍ਹਾਂ ਬੀਤੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਮੌਕੇ ਪੁੱਜੀਆਂ ਲੱਖਾਂ ਸੰਗਤਾਂ ਲਈ ਵੱਖ-ਵੱਖ ਮਹਾਂਪੁਰਖਾਂ ਅਤੇ ਸਭਾ-ਸੁਸਾਇਟੀਆਂ ਨੇ ਭਰਵਾਂ ਸਹਿਯੋਗ ਦਿੱਤਾ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਖਹਰਪ੍ਰੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਸ. ਦਿਲਜੀਤ ਸਿੰਘ ਬੇਦੀ, ਸ. ਰਾਮ ਸਿੰਘ ਭਿੰਡਰ, ਮੈਨੇਜਰ ਸ. ਜਰਨੈਲ ਸਿੰਘ, ਸ. ਸਰਬਜੀਤ ਸਿੰਘ ਆਦਿ ਮੌਜੂਦ ਸਨ।
ਪ੍ਰਧਾਨ ਮੰਤਰੀ ਪਹਿਲੇ ਪਾਤਸ਼ਾਹ ਦੇ ਸਾਂਝੀਵਾਲਤਾ ਦੇ ਸੰਦੇਸ਼ ਅੱਗੇ ਸਿਰ ਝੁਕਾਉਂਦਿਆਂ ਕਿਸਾਨ ਮਸਲਾ ਹੱਲ ਕਰਨ-ਬੀਬੀ ਜਗੀਰ ਕੌਰ
ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਗੁਰੂ ਸਾਹਿਬ ਜੀ ਦੇ ਸਾਂਝੀਵਾਲਤਾ ਦੇ ਸੰਦੇਸ਼ ਅੱਗੇ ਸਿਰ ਝੁਕਾਉਂਦਿਆਂ ਕਿਸਾਨ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਇਕ ਨੌਜੁਆਨੀ ਲਈ ਕਿਰਤ ਨਾਲ ਜੁੜਨ ਦਾ ਮਾਰਗ ਦਰਸ਼ਕ ਵੀ ਹੈ ਅਤੇ ਦੇਸ਼ ਦੇ ਕਿਸਾਨਾਂ ਵਿਰੁੱਧ ਪਾਸ ਕੀਤੇ ਗਏ ਕਾਲੇ ਕਾਨੂੰਨ ਤੁਰੰਤ ਰੱਦ ਹੋਣਗੇ ਚਾਹੀਦੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਬਿਨਾ ਦੇਰੀ ਕੀਤਿਆਂ ਕਿਸਾਨਾਂ ਦੀਆਂ ਭਵਿੱਖੀ ਚਿੰਤਾਵਾਂ ਖ਼ਤਮ ਕਰਨ ਲਈ ਪਹਿਲਕਦਮੀਂ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਹਰ ਬਾਸ਼ਿੰਦਾ ਸੁਖੀ ਵੱਸੇ ਇਹ ਕੇਂਦਰ ਸਰਕਾਰ ਦੀ ਜ਼ੁੰਮੇਵਾਰੀ ਬਣਦੀ ਹੈ।