logoਅੰਮ੍ਰਿਤਸਰ 27 ਅਕਤੂਬਰ (        ) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਡੀ ਤਾਦਾਦ ਵਿੱਚ ਆਪਣੀ ਸ਼ਰਧਾ ਲੈ ਕੇ ਪੁੱਜ ਰਹੀਆਂ ਹਨ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਆਪਣੀ ਅਧਿਆਤਮਿਕ ਤ੍ਰਿਪਤੀ ਨਾਲ ਮਾਨਸਿਕ ਸਕੂਨ ਪ੍ਰਾਪਤ ਕਰ ਰਹੀਆਂ ਹਨ।ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੰਗਤਾਂ ਅੰਦਰ ਭਰਪੂਰ ਉਤਸ਼ਾਹ ਦੀ ਭਾਵਨਾ ਹੈ ਅਤੇ ਪਿਛਲੇ ਦਿਨਾਂ ਵਿੱਚ ਆਏ ਪੰਥਕ ਸੰਕਟ ਵਿਚੋਂ ਬਾਹਰ ਨਿਕਲਣ ਉਪਰੰਤ ਸੱਚਖੰਡ ਦੀ ਹਾਜ਼ਰੀ ਭਰ ਕੇ ਆਪਣੇ ਆਪ ਨੂੰ ਭਾਗਸ਼ਾਲੀ ਸਮਝ ਰਹੀਆਂ ਹਨ।ਭਾਵੇਂ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਾਦੇ ਢੰਗ ਨਾਲ ਮਨਾਉਣ ਦੀਆਂ ਭਾਵਨਾਵਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਜਾਹਰ ਕਰਦਿਆਂ ਸੰਗਤਾਂ ਨੂੰ ਅਪੀਲ ਵੀ ਕੀਤੀ ਹੈ, ਪਰ ਇਸ ਦੇ ਬਾਵਜੂਦ ਵੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਸੰਗਤਾਂ ਦੀ ਆਮਦ ਦਿਨੋ-ਦਿਨ ਵੱਧਦੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਕਾਰਨ ਸੰਗਤਾਂ ਵਲੋਂ ਸ਼ਾਂਤੀਮਈ ਰੋਸ ਵਜੋਂ ਰਸਤੇ ਬੰਦ ਕੀਤੇ ਗਏ ਸਨ ਜਿਸ ਕਾਰਨ ਦੂਰ-ਦੁਰਾਂਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਆਮਦ ਘੱਟ ਗਈ ਸੀ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਸਾਹਿਬ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਪਾਇਆ ਜਾ ਰਿਹਾ ਹੈ ਜਿਸ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂ ਸੰਗਤਾਂ ਵੱਡੀ ਗਿਣਤੀ ਵਿੱਚ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੁਪਹਿਰ 12 ਵਜੇ ਸੁਨਹਿਰੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਵੇਗਾ ਜੋ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।ਇਸੇ ਦਿਨ ਹੀ ਸ਼ਾਮ 7.00 ਵਜੇ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਦੇਸ਼ ਭਰ ਤੋਂ ਪੰਥ ਪ੍ਰਸਿੱਧ ਰਾਗੀ ਜਥੇ ਰਾਗਾਂ ਤੇ ਅਧਾਰਿਤ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।29 ਅਕਤੂਬਰ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਕਥਾ ਉਪਰੰਤ ਸਾਰਾ ਦਿਨ ਦੀਵਾਨ ਸੱਜਣਗੇ ਜਿਸ ਵਿੱਚ ਢਾਡੀ ਤੇ ਕਵੀਸ਼ਰੀ ਜਥੇ, ਪ੍ਰਚਾਰਕ ਗੁਰ ਇਤਿਹਾਸ ਸਰਵਣ ਕਰਾਉਣਗੇ ਅਤੇ ਰਾਤ ੮.੦੦ ਵਜੇ ਕਵੀ ਦਰਬਾਰ ਆਰੰਭ ਹੋਵੇਗਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ ੮.੩੦ ਤੋਂ ੧੨ ਵਜੇ ਤੱਕ ਸੁੰਦਰ ਜਲੌ ਸੱਜਣਗੇ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੧ ਅਕਤੂਬਰ ਤੋਂ ੧੨ ਨਵੰਬਰ ਤੱਕ ਪੰਥ ਪ੍ਰਸਿੱਧ ਵਿਦਵਾਨ ਕਥਾ ਕਰਨਗੇ।