ਚੌਥੇ ਪਾਤਸ਼ਾਹ ਜੀ ਨੇ ਗੁਰੂ-ਨਗਰੀ ਦੀ ਸਥਾਪਨਾ ਸਮੇਂ ਕਿਰਤੀਆਂ ਨੂੰ ਦਿੱਤੀ ਵਿਸ਼ੇਸ਼ ਮਹੱਤਤਾ-ਡਾ. ਰੂਪ ਸਿੰਘ

ਅੰਮ੍ਰਿਤਸਰ, 8 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲੀ ਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ ਇਥੇ ਵਸਾਏ ਕਿੱਤਾਕਾਰਾਂ ਨੂੰ ਸਨਮਾਨਿਤ ਕਰੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਆਪਣੇ ਰੀਸਰਚ ਸਕਾਲਰਾਂ ਰਾਹੀਂ ੫੨ ਕਿੱਤਾਕਾਰਾਂ ਦੀ ਚੋਣ ਕਰ ਲਈ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਇਨ੍ਹਾਂ ਕਿੱਤਾਕਾਰਾਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ ਇਥੇ ੫੨ ਕਿੱਤਾਕਾਰਾਂ ਨੂੰ ਵਸਾਇਆ ਸੀ, ਪਰੰਤੂ ਇਤਿਹਾਸ ਵਿੱਚੋਂ ਇਨ੍ਹਾਂ ਬਾਰੇ ਮੁਕੰਮਲ ਜਾਣਕਾਰੀ ਲਈ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰਾਂ ਨੇ ਮਿਹਨਤ ਨਾਲ ਸੂਚੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਕਿਰਤੀਆਂ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਗਈ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਸਾਹਿਬ ਵੱਲੋਂ ਵਰੋਸਾਏ ਇਨ੍ਹਾਂ ਕਿੱਤਾਕਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਨਮਾਨ ਪ੍ਰਕਾਸ਼ ਪੁਰਬ ਵਾਲੇ ੨੬ ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇਣਗੇ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਵੀ ਵਿਸ਼ੇਸ਼ ਤੌਰ ”ਤੇ ਇਨ੍ਹਾਂ ੫੨ ਕਿੱਤਾਕਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਹੋਰ ਵਿਸਥਾਰ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਕਿੱਤਾਕਾਰਾਂ ਲਈ ਵਿਸ਼ੇਸ਼ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਉੱਪਰ ‘ਸ੍ਰੀ ਗੁਰੂ ਰਾਮਦਾਸ ਜੀ ਪਾਤਸ਼ਾਹ ਵੱਲੋਂ ਵਰੋਸਾਏ ਕਿੱਤਾਕਾਰ’ ਦਾ ਬੈਨਰ ਪ੍ਰਦਰਸ਼ਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਵਿਚ ਵੀ ਕੁੱਲ ੫੨ ਗੱਡੀਆਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਦੌਰਾਨ ਕਿੱਤਾਕਾਰਾਂ ਨਾਲ ਇਕੱਤਰਤਾ ਵਿਚ ਸ਼ਾਮਲ ਵੱਖ-ਵੱਖ ਕਿੱਤਿਆਂ ਨਾਲ ਸ਼ਾਮਲ ਕਿਰਤੀਆਂ ਨੇ ਸ਼੍ਰੋਮਣੀ ਕਮੇਟੀ ਦਾ ਉਨ੍ਹਾਂ ਨੂੰ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਕਿੱਤਾਕਾਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਕੇਵਲ ਸਿੰਘ ਬਾਦਲ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਿੰਦਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ ਤੇ ਹੋਰ ਮੌਜੂਦ ਸਨ।

ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਮੀਟਿੰਗ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਹਾਜ਼ਰ ਸ਼ਖ਼ਸੀਅਤਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਮਾਗਮਾਂ ਨੂੰ ਕੌਮੀ ਇਕਜੁਟਤਾ ਨਾਲ ਮਨਾਉਣ ਦੀ ਅਪੀਲ ਕੀਤੀ। ਸਭਾ-ਸੁਸਾਇਟੀਆਂ ਤੇ ਗੁਰਦੁਆਰਾ ਕਮੇਟੀਆਂ ਦੇ ਪ੍ਰਤੀਨਿਧਾਂ ਨੇ ਸ਼੍ਰੋਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਜ਼ੁੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਸ਼ਰਧਾ ਭਾਵਨਾ ਨਾਲ ਨਿਭਾਉਣਗੇ। ਇਸ ਇਕੱਤਰਤਾ ਦੌਰਾਨ ਨਗਰ ਕੀਰਤਨ ਦੇ ਰਸਤੇ ਦੀ ਸਜਾਵਟ ਅਤੇ ਸਵਾਗਤ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਡਾ. ਰੂਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੇ ੧੦ ਕਿਲੋਮੀਟਰ ਦੇ ਰਸਤੇ ‘ਤੇ ਸਕੂਲੀ ਬੱਚਿਆਂ ਤੋਂ ਇਲਾਵਾ ਬੈਂਡ ਅਤੇ ਗਤਕਾ ਪਾਰਟੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੀਆਂ ਅਤੇ ਇਸ ਦੇ ਨਾਲ ਹੀ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਦਾ ਵੀ ਸੰਗਤਾਂ ਆਨੰਦ ਮਾਣਨਗੀਆਂ। ਉਨ੍ਹਾਂ ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਆਪੋ-ਆਪਣੇ ਖੇਤਰਾਂ ਵਿਚ ਸੰਗਤਾਂ ਨੂੰ ਸਮੁੱਚੇ ਸਮਾਗਮਾਂ ਸਬੰਧੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਜਿਥੇ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਸ਼ਹਿਰ ਨੂੰ ਦੀਪਮਾਲਾ ਨਾਲ ਰੌਸ਼ਨਾਇਆ ਜਾਵੇਗਾ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ੪ ਲੱਖ ਤੋਂ ਵੱਧ ਮਿੱਟੀ ਦੇ ਦੀਵਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੀ ਆਪੋ-ਆਪਣੇ ਘਰਾਂ ਵਿਚ ਦੀਵੇ ਜਗਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਗੁਰਇਕਬਾਲ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਪ੍ਰਿੰਸੀਪਲ ਬਲਜਿੰਦਰ ਸਿੰਘ, ਸ. ਸਤਬੀਰ ਸਿੰਘ ਧਾਮੀ, ਸ. ਸਤਨਾਮ ਸਿੰਘ ਸਲੂਜਾ, ਸ. ਗੁਰਦੀਪ ਸਿੰਘ ਸਲੂਜਾ, ਭਾਈ ਮਨਜੀਤ ਸਿੰਘ ਘੱਨ੍ਹਈਆ ਸੁਸਾਇਟੀ ਵਾਲੇ, ਡਾ. ਅਮਰੀਕ ਸਿੰਘ, ਸ. ਸੁਖਜਿੰਦਰ ਸਿੰਘ, ਬੀਬੀ ਸੁਖਪਾਲ ਕੌਰ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਰਾਜਿੰਦਰ ਕੌਰ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।