ਅੰਮ੍ਰਿਤਸਰ, 16 ਸਤੰਬਰ– ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ੧੫ ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ। ਇਕੱਤਰਤਾ ‘ਚ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਨਿਸ਼ਾਨ ਸਿੰਘ, ਸ. ਮਨਜਿੰਦਰ ਸਿੰਘ ਮੰਡ, ਸ. ਮਲਕੀਤ ਸਿੰਘ ਬਹਿੜਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਮੌਜੂਦ ਸਨ। ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਵਿਸ਼ਾਲ ਨਗਰ ਕੀਰਤਨ ੧੪ ਅਕਤੂਬਰ ਨੂੰ ਸਜਾਇਆ ਜਾਵੇਗਾ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ੧੨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਤੋਂ ਇਲਾਵਾ ‘ਪੜਤਾਲ ਗਾਇਨ ਸ਼ੈਲੀ : ਕੀਰਤਨ ਦਰਬਾਰ’ ਸਮਾਗਮ ੧੩ ਅਕਤੂਬਰ ਦੀ ਰਾਤ ਨੂੰ ਕਰਵਾਇਆ ਜਾਵੇਗਾ। ਇਸ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਪੜਤਾਲ ਗਾਇਨ ਦੁਆਰਾ ਹਾਜ਼ਰੀ ਭਰਨਗੇ। ੧੪ ਅਕਤੂਬਰ ਨੂੰ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਹੋਵੇਗਾ।
ਉਨ੍ਹਾਂ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ੫੨ ਕਿਰਤੀਆਂ ਦਾ ਸਨਮਾਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਇਲਾਵਾ ੫੨ ਹੋਣਹਾਰ ਲੋੜਵੰਦ ਵਿਦਿਆਰਥੀਆਂ ਨੂੰ ਵੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਨੂੰ ਰੁਸ਼ਨਾਇਆ ਜਾਵੇਗਾ। ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਗੇਟਾਂ ਦੀ ਮਨਮੋਹਨ ਸਜਾਵਟ ਕੀਤੀ ਜਾਵੇਗੀ। ਬੱਸ ਅੱਡਾ, ਰੇਲਵੇ ਸਟੇਸ਼ਨ, ਗੋਲਡਨ ਗੇਟ, ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਬਜ਼ਾਰਾਂ ਵਿਖੇ ਸੁੰਦਰ ਦੀਪਮਾਲਾ ਵੀ ਕਰਵਾਈ ਜਾਵੇਗੀ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਘਰਾਂ ‘ਚ ਦੀਪਮਾਲਾ ਕਰਨ।