images ਅੰਮ੍ਰਿਤਸਰ 7 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ੧੧ ਮਈ ੨੦੧੫ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ੯ ਮਈ ੨੦੧੫ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ੧੧ ਮਈ ੨੦੧੫ ਨੂੰ ਪੈਣਗੇ।ਉਪਰੰਤ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਤੇ ਬੀਰ ਰਸੀ ਵਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸੇ ਦਿਨ ਸਵੇਰੇ ੮.੩੦ ਤੋਂ ੧੨.੦੦ ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।ਸ਼ਾਮ ਨੂੰ ‘ਦੀਪਮਾਲਾ’ ਹੋਵੇਗੀ ਤੇ ‘ਰਹਰਾਸਿ ਸਾਹਿਬ’ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਦਿਨ ਨੂੰ ਸਮਰਪਿਤ ਗੁਰਦੁਆਰਾ ਬੀਬੀ ਕੌਲਾ ਜੀ (ਕੌਲਸਰ) ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ੧੧ ਮਈ ੨੦੧੫ ਨੂੰ ਸਵੇਰੇ ੮.੦੦ ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ।ਸ਼ਾਮ ੩.੦੦ ਤੋਂ ਰਾਤ ੧੧.੦੦ ਵਜੇ ਤੀਕ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਹਰਭਜਨ ਸਿੰਘ ਨਾਨਕਸਰ ਕਲੇਰਾਂ ਵਾਲੇ, ਬਾਬਾ ਸੁਖਦੇਵ ਸਿੰਘ ਭੁੱਚੋ ਮੰਡੀ ਵਾਲੇ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਤੇ ਭਾਈ ਸੁਖਜਿੰਦਰ ਸਿੰਘ, ਭਾਈ ਗੁਰਇਕਬਾਲ ਸਿੰਘ, ਬੀਬੀ ਪਰਮਜੀਤ ਕੌਰ ਤੇ ਬੀਬੀ ਹਰਵੀਨ ਕੌਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਹਰਵਿੰਦਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਮਨੀਵੀਰ ਸਿੰਘ, ਭਾਈ ਤੇਜਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਸਰਬਜੀਤ ਸਿੰਘ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ, ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ, ਭਾਈ ਜਸਵਿੰਦਰ ਸਿੰਘ ਤੇ ਭਾਈ ਹਰਦੇਵ ਸਿੰਘ ਦੀਵਾਨਾ ਆਦਿ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।