2ਅੰਮ੍ਰਿਤਸਰ : 14 ਮਾਰਚ (      ) ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਜਗਜੀਤ ਸਿੰਘ ਮੀਤ ਸਕੱਤਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ ਵੱਲੋਂ ਬੂਟੇ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਉਸ ਨਾਲ ਸਬੰਧਤ ਵਿਦਿਅਕ ਅਤੇ ਹੋਰ ਅਦਾਰਿਆਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਏ ਜਾਂਦੇ ਹਨ ਤੇ ਇਸ ਵਾਰ ਵੀ ਛਾਂ ਦਾਰ, ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਸ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਫਰੀ ਬੂਟੇ ਵੰਡੇ ਜਾਂਦੇ ਹਨ ਸੰਗਤਾਂ ਓਥੋਂ ਬੂਟੇ ਪ੍ਰਾਪਤ ਕਰਕੇ ਇਸ ਦਿਨ ਆਪਣੇ ਘਰਾਂ ਅਤੇ ਮਹੱਲਿਆਂ ਵਿੱਚ ਲਗਾਉਣ ਤਾਂ ਜੋ ਧਰਤੀ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਿਤ ਰਹਿਤ ਰੱਖਿਆ ਜਾ ਸਕੇ।