ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਜਾਣਕਾਰੀ ਦੇਣ ਲਈ ਸਥਾਪਿਤ ਕੀਤਾ ਕੇਂਦਰੀ ਦਫ਼ਤਰ


ਅੰਮ੍ਰਿਤਸਰ, ੬ ਅਗਸਤ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੱਖਾਂ ਦੀ ਗਿਣਤੀ ‘ਚ ਸੰਗਤ ਸਵਾਗਤ ਲਈ ਪੁੱਜ ਰਹੀ ਹੈ। ਬੇਸ਼ੱਕ ਸੰਗਤਾਂ ਦੇ ਉਤਸ਼ਾਹ ਕਰਕੇ ਨਗਰ ਕੀਰਤਨ ੨੪ ਘੰਟੇ ਪੱਛੜ ਕੇ ਚੱਲ ਰਿਹਾ ਹੈ, ਪਰੰਤੂ ਫਿਰ ਵੀ ਸੰਗਤਾਂ ਘੰਟਿਆਂ ਤੱਕ ਰਸਤਿਆਂ ‘ਚ ਖਲ੍ਹੋ ਕੇ ਨਗਰ ਕੀਰਤਨ ਦਾ ਇੰਤਜ਼ਾਰ ਕਰ ਰਹੀਆਂ ਹਨ। ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਪ੍ਰਤੀ ਸੰਗਤਾਂ ਦੇ ਉਤਸ਼ਾਹ ਨੂੰ ਵੇਖਦਿਆਂ ਇਸ ਨੂੰ ਨਿਰੰਤਰ ਚਲਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਚਾਅ, ਉਮਾਹ ਅਤੇ ਉਤਸ਼ਾਹ ਦੇ ਮੱਦੇਨਜ਼ਰ ਨਗਰ ਕੀਰਤਨ ਬਹੁਤ ਘੱਟ ਰਫ਼ਤਾਰ ਨਾਲ ਚੱਲ ਰਿਹਾ ਹੈ, ਜਿਸ ਕਾਰਨ ਅਗਲੇ ਪੜਾਵਾਂ ‘ਤੇ ਪੁੱਜਣ ਲਈ ਹੁਣ ਤੱਕ ੨੪ ਘੰਟੇ ਦੀ ਦੇਰੀ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਦਲਵੇਂ ਪ੍ਰਬੰਧਾਂ ਤਹਿਤ ਪਾਲਕੀ ਸਾਹਿਬ ਵਾਲੀ ਬੱਸ ਸਮੇਤ ਹੋਰ ਗੱਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਤਿੰਨ ਸਿਫ਼ਟਾਂ ਵਿਚ ਮੁਲਾਜ਼ਮ ਡਿਊਟੀ ਲਈ ਭੇਜੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਪਹਿਲੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਚੱਲ ਰਿਹਾ ਹੈ ਅਤੇ ਉਹ ਲਗਭਗ ੨੪ ਘੰਟੇ ਦੇ ਫ਼ਰਕ ਅਨੁਸਾਰ ਹੀ ਸਵਾਗਤੀ ਪ੍ਰਬੰਧ ਕਰਨ। ਉਨ੍ਹਾਂ ਸੰਗਤ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਹੀ ਸ਼੍ਰੋਮਣੀ ਕਮੇਟੀ ਨਗਰ ਕੀਰਤਨ ਦੇ ਪ੍ਰਬੰਧ ਕਰ ਰਹੀ ਹੈ ਅਤੇ ਆਸ ਕਰਦੇ ਹਾਂ ਕਿ ਇਸੇ ਤਰ੍ਹਾਂ ਸੰਗਤ ਸਹਿਯੋਗੀ ਬਣੀ ਰਹੇਗੀ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸੰਗਤ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਦਫ਼ਤਰ ਸਥਾਪਿਤ ਕਰਦਿਆਂ ੪ ਮੋਬਾਈਲ ਨੰਬਰ ਜਾਰੀ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਸਵਾਗਤੀ ਪ੍ਰਬੰਧਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਕੋਆਰਡੀਨੇਟਰ ਸ. ਮਨਜੀਤ ਸਿੰਘ ਬਾਠ ਸਕੱਤਰ ਕੋਲ 99145-50550, ਸ. ਸਕੱਤਰ ਸਿੰਘ ਸਹਾਇਕ ਕੋਆਰਡੀਨੇਟਰ ਕੋਲ 75278-00550, ਨਗਰ ਕੀਰਤਨ ਨਾਲ ਚੱਲ ਰਹੇ ਅਧਿਕਾਰੀ ਕੋਲ 75269-00550 ਅਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੰਟਰੋਲ ਰੂਮ ਵਿਚ 95925-00550 ਨੰਬਰ ਲਗਾਤਾਰ ਸੰਗਤ ਦੀ ਪਹੁੰਚ ਵਿਚ ਰਹਿਣਗੇ।
ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਪ੍ਰਬੰਧਕੀ ਨਿਰਦੇਸ਼ ਦਿੰਦਿਆਂ ਆਖਿਆ ਕਿ ਨਗਰ ਕੀਰਤਨ ਨਾਲ ਸੇਵਾ ‘ਤੇ ਜਾਣ ਲਈ ਹਰ ਮੁਲਾਜ਼ਮ ਤਿਆਰ ਰਹੇ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਨਿਸ਼ਾਨ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਅਤੇ ਸੁਪਰਵਾਈਜ਼ਰ ਮੌਜੂਦ ਸਨ।