ਵੀਜ਼ਾ ਪ੍ਰਕਿਰਿਆ ਲਈ ੪੮੦ ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜੀ-ਸ. ਮਨਜੀਤ ਸਿੰਘ

ਅੰਮ੍ਰਿਤਸਰ, 13 ਜੁਲਾਈ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ੨੫ ਜੁਲਾਈ ੨੦੧੯ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਿਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਸਮੇਤ ਹੋਰਨਾਂ ਨੂੰ ਪੱਤਰ ਭੇਜੇ ਗਏ ਹਨ, ਉਥੇ ਹੀ ਨਗਰ ਕੀਰਤਨ ਦੇ ਭਾਰਤ ਵਿਚਲੇ ਰੂਟ ਨੂੰ ਵੀ ਲਗਭਗ ਤੈਅ ਕਰ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਹੈ ਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਵੱਲੋਂ ੪੮੦ ਸ਼ਰਧਾਲੂਆਂ ਦੀ ਸੂਚੀ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਮੈਂਬਰ ਸਾਹਿਬਾਨ, ਵੱਖ-ਵੱਖ ਸੂਬਿਆਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਸ਼ਾਮਲ ਹੋਣਗੀਆਂ। ਸ. ਮਨਜੀਤ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੇ ਅਟਾਰੀ ਪਹੁੰਚਣ ‘ਤੇ ਭਰਵੇਂ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਥੇ ਵੱਡੀ ਪੱਧਰ ‘ਤੇ ਸਿੱਖ ਆਗੂਆਂ ਦੇ ਨਾਲ-ਨਾਲ ਭਰਵੀਂ ਸੰਗਤ ਵੀ ਸ਼ਾਮਲ ਹੋਵੇਗੀ। ਸ. ਮਨਜੀਤ ਸਿੰਘ ਅਨੁਸਾਰ ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਨਨਕਾਣਾ ਪਾਕਿਸਤਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ ਭੋਗ ਮਗਰੋਂ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅਗਾਊਂ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸ. ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ, ੨੦ ਜੁਲਾਈ ੨੦੧੯ ਨੂੰ ਪਾਕਿਸਤਾਨ ਜਾਵੇਗਾ। ਉਨ੍ਹਾਂ ਰੂਟ ਸਬੰਧੀ ਜਾਣਕਾਰੀ ਦਿੱਤੀ ਕਿ ੨੫ ਜੁਲਾਈ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਣ ਮਗਰੋਂ ਨਗਰ ਕੀਰਤਨ ਦਾ ਰਾਤ ਦਾ ਵਿਸ਼ਰਾਮ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ। ਅਗਲੇ ਦਿਨ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਪੁੱਜੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਅੱਗੇ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ੨੨ ਅਗਸਤ ੨੦੧੯ ਤੱਕ ਦਾ ਰੂਟ ਮੁਕੰਮਲ ਕਰ ਲਿਆ ਗਿਆ ਹੈ ਅਤੇ ਜਲਦ ਹੀ ਬਾਕੀ ਰੂਟ ਵੀ ਤੈਅ ਕਰ ਲਿਆ ਜਾਵੇਗਾ।