ਮਰਯਾਦਾ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪ੍ਰੀਕਰਮਾ ‘ਚ ਨਹੀਂ ਹੋ ਸਕੇਗੀ ਵਰਤੋਂ

intਅੰਮ੍ਰਿਤਸਰ : 1 ਮਈ (        )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਦਫ਼ਤਰਾਂ, ਸਰਾਵਾਂ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਵਾਈ-ਫਾਈ ਨਾਲ ਲੈਸ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਕੀਤਾ।

ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਨੂੰ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਤੇ ਮੇਨ ਰਸਤਿਆਂ ਤੱਕ ਵੀ ਵਾਈ-ਫਾਈ ਦਾ ਜਾਲ ਵਿਛਾਇਆ ਜਾਵੇਗਾ। ਸ੍ਰ: ਬੇਦੀ ਨੇ ਦੱਸਿਆ ਕਿ ਵਾਈ-ਫਾਈ ਦੀ ਇਹ ਮੁਫ਼ਤ ਸੇਵਾ ਵੀਡੀਓਕਾਨ ਕਨੈਕਟ ਕੰਪਨੀ ਵੱਲੋਂ ਦਿੱਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਇੰਟਰਨੈਟ ਵਿਭਾਗ ਅਤੇ ਬਿਜਲੀ ਵਿਭਾਗ ਇਸ ਦੀ ਸੈਟਿੰਗ ਕਰ ਰਿਹਾ ਹੈ ਜਿਸ ਦਾ ਅੱਧੇ ਨਾਲੋਂ ਵਧੇਰੇ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸੋਮਵਾਰ ਤੱਕ ਸ੍ਰੀ ਹਰਿਮੰਦਰ ਸਾਹਿਬ ਪ੍ਰੀਕਰਮਾ ਅਤੇ ਸੱਚਖੰਡ ਸਾਹਿਬ ਦੇ ਆਲੇ-ਦੁਆਲੇ ਇਹ ਸੇਵਾ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸੇਵਾ ਦਾ ਕੰਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ, ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਸਥਿਤ ਗੁਰੂ ਅਰਜਨ ਦੇਵ ਨਿਵਾਸ, ਮਾਤਾ ਗੰਗਾ ਜੀ ਨਿਵਾਸ, ਗੁਰੂ ਹਰਿਗੋਬਿੰਦ ਨਿਵਾਸ ਅਤੇ ਸ੍ਰੀ ਗੁਰੂ ਰਾਮਦਾਸ ਸਰਾਂ ਸਰਾਂ ‘ਚ ਕੰਮ ਮੁਕੰਮਲ ਹੋਣ ਕਰਕੇ ਇਥੇ ਇਹ ਸੇਵਾ ਸ਼ੁਰੂ ਹੋ ਗਈ ਹੈ। ਜਦ ਕਿ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ  ਸਮੁੰਦਰੀ ਹਾਲ, ਗੁਰੂ ਨਾਨਕ ਨਿਵਾਸ ਸਥਿਤ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਤੱਕ ਇਹ ਸੇਵਾ ਸੋਮਵਾਰ ਤੱਕ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਨਫਰਮੇਸ਼ਨ ਦਫ਼ਤਰ ਵਿਖੇ ਮੁਰੰਮਤ ਦਾ ਕੰਮ ਚੱਲਣ ਕਾਰਣ ਥੋੜੇ ਦਿਨ੍ਹਾਂ ਵਿੱਚ ਏਥੇ ਵੀ ਇਹ ਸੁਵਿਧਾ ਉਪਲੱਬਧ ਕਰਵਾ ਦਿੱਤੀ ਜਾਵੇਗੀ ਅਤੇ ਨਾਲ ਦੀ ਨਾਲ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਖੇ ਵੀ ਬਹੁਤ ਜਲਦ ਵਾਈ-ਫਾਈ ਸੇਵਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮਰਯਾਦਾ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਪ੍ਰੀਕਰਮਾ ‘ਚ ਇਹ ਸੇਵਾ ਨਹੀਂ ਦਿੱਤੀ ਜਾਵੇਗੀ। ਜਦ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਗਲਿਆਰਾ ਅਤੇ ਪਲਾਜ਼ਾ ਵਿਖੇ ਵੀ ਸ਼ਰਧਾਲੂ ਇਸ ਸੇਵਾ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਥੋੜ੍ਹੇ ਦਿਨਾਂ ਵਿੱਚ ਹੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਸਮੀ ਤੌਰ ਤੇ ਇਸ ਦਾ ਉਦਘਾਟਨ ਕਰਨਗੇ।