ਅੰਮ੍ਰਿਤਸਰ, 18 ਦਸੰਬਰ-
ਨਵੰਬਰ ੧੯੮੪ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪਹੁੰਚੇ ਸਿੱਖ ਵਕੀਲ ਸਰਦਾਰ ਐਚ. ਐਸ. ਫੂਲਕਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਜੀ-ਆਇਆਂ ਆਖਦਿਆਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਨਿਆਂਪਾਲਿਕਾ ਨੇ ਪੀੜਤਾਂ ਦੇ ਜ਼ਖ਼ਮਾਂ ‘ਤੇ ਮਲ੍ਹਮ ਲਗਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿੱਖ ਵਕੀਲ ਹੋਣ ਨਾਤੇ ਸ. ਐਚ.ਐਸ. ਫੂਲਕਾ ਦਾ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਥੇ ਸ. ਫੂਲਕਾ ਨੇ ੧੯੮੪ ਦੇ ਪੀੜਤਾਂ ਦਾ ਕੇਸ ਲੜਨ ਲਈ ਚੰਗੀ ਭੂਮਿਕਾ ਨਿਭਾਈ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਵੀ ਪੀੜਤਾਂ ਦੀ ਹਰ ਸੰਭਵ ਮੱਦਦ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਵਾਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਵਿਚ ਸੇਵਾਵਾਂ ਦੇਣ ਦੇ ਨਾਲ-ਨਾਲ ਸਮੇਂ-ਸਮੇਂ ਸਾਧਨ ਵੀ ਮੁਹੱਈਆ ਕਰਵਾਏ ਜਾਂਦੇ ਰਹੇ ਹਨ। ਇਸ ਤੋਂ ਇਲਾਵਾ ਕਾਨੂੰਨੀ ਮੱਦਦ ਲਈ ਵੀ ਸ਼੍ਰੋਮਣੀ ਕਮੇਟੀ ਨੇ ਅਹਿਮ ਭੂਮਿਕਾ ਨਿਭਾਈ ਹੈ। ਡਾ. ਰੂਪ ਸਿੰਘ ਨੇ ਇਹ ਵੀ ਕਿਹਾ ਕਿ ਇਕੱਲੇ ਸੱਜਣ ਕੁਮਾਰ ਦੀ ਸਜ਼ਾ ਹੀ ਕਾਫ਼ੀ ਨਹੀਂ ਹੈ, ਇਸ ਤੋਂ ਇਲਾਵਾ ਹੋਰਨਾਂ ਦੋਸ਼ੀਆਂ ਜਿਨ੍ਹਾਂ ਵਿਚ ਜਗਦੀਸ਼ ਟਾਈਟਲਰ, ਕਮਲ ਨਾਥ ਆਦਿ ਸ਼ਾਮਲ ਹਨ, ਨੂੰ ਵੀ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।