ਅੰਮ੍ਰਿਤਸਰ, ੨੪ ਫਰਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਦੇ ਵਾਹਨ ਖੜ੍ਹੇ ਕਰਨ ਲਈ ਸਰਕਾਰੀ ਪਾਰਕਿੰਗ ਸਥਾਨਾਂ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਤੌਰ ‘ਤੇ ਵੀ ਪ੍ਰਬੰਧ ਕੀਤੇ ਗਏ ਹਨ। ਬੇਸ਼ੱਕ ਅੱਜ ਸੰਗਤਾਂ ਦੀ ਆਮਦ ਵਿਚ ਵੱਡਾ ਵਾਧਾ ਹੋਇਆ ਹੈ, ਜਿਸ ਕਾਰਨ ਵਾਹਨਾਂ ਦੀ ਗਿਣਤੀ ਵੀ ਚੋਖੀ ਵਧੀ ਹੈ ਪਰ ਫਿਰ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਾਹਨਾਂ ਦੀ ਪਾਰਕਿੰਗ ਲਈ ਕਾਫੀ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪਾਰਕਿੰਗ ਸਥਾਨ ਦਾ ਪ੍ਰਬੰਧ ਹੈ, ਜਿਸ ਵਿਚ ਵੱਡੀ ਗਿਣਤੀ ‘ਚ ਚਾਰ ਪਹੀਏ ਵਾਹਨ ਖੜ੍ਹੇ ਕਰਨ ਦੀ ਸਹੂਲਤ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਦੋ ਪਹੀਆ ਵਾਹਨ ਖੜ੍ਹੇ ਕਰਨ ਲਈ ਵੀ ਵੱਖ-ਵੱਖ ਥਾਵਾਂ ‘ਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਗੁਰੂ ਕੀ ਨਗਰੀ ਹੋਣ ਕਾਰਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਰੋਜ਼ਾਨਾਂ ਸੰਗਤਾਂ ਇੱਥੇ ਪੁੱਜਦੀਆਂ ਹਨ ਅਤੇ ਅੱਜ ਸੰਗਤਾਂ ਦੇ ਵਾਹਨਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਹੋਰ ਵਿਆਪਕ ਪ੍ਰਬੰਧ ਕੀਤੇ ਜਾਣ ਦੀ ਯੋਜਨਾ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਚਾਰ ਅਧੀਨ ਹੈ। ਇਸੇ ਤਹਿਤ ਹੀ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਨਜ਼ਦੀਕ ਸਰਾਂ ਦੀ ਬੇਸਮੈਂਟ ਵਿਚ ਨਵੀਂ ਪਾਰਕਿੰਗ ਦਾ ਨਿਰਮਾਣ ਕੀਤਾ ਜਾ ਰਿਹਾ ਹੈ।