ਅੰਮ੍ਰਿਤਸਰ, ੧੪ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ ੫੫੨ ਦੀ ਆਮਦ ‘ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ, ਭਾਈ ਜੁਝਾਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਲਖਵਿੰਦਰ ਸਿੰਘ ਤੇ ਭਾਈ ਕਮਲਜੀਤ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰਮਤਿ ਦੀ ਨਿਰਮਲ ਨਿਰਾਲੀ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ। ਅੱਜ ਦੀਆਂ ਮਨੁੱਖੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਗੁਰਬਾਣੀ ‘ਤੇ ਅਮਲ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਧਰਮ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਨਾਲ ਆਪ ਜੁੜਨ ਦੇ ਨਾਲ-ਨਾਲ ਬੱਚਿਆਂ ਨੂੰ ਵੀ ਜੋੜਨ ਲਈ ਉਪਰਾਲਾ ਕੀਤਾ ਜਾਵੇ। ਸਮਾਗਮ ਦੌਰਾਨ ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਨਿਸ਼ਾਨ ਸਿੰਘ, ਸ. ਪਰਮਜੀਤ ਸਿੰਘ, ਸ. ਜਸਪਾਲ ਸਿੰਘ ਢੱਡੇ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ, ਸ. ਪਰਮਦੀਪ ਸਿੰਘ, ਬਾਬਾ ਬਲਬੀਰ ਸਿੰਘ ਭੂਰੀ ਵਾਲੇ, ਸ. ਉਮਕਾਰ ਸਿੰਘ ਆਦਿ ਹਾਜ਼ਰ ਸਨ।