ਸੰਗਤ ਨੂੰ ਠੰਡੇ ਜਲ ਦੀ ਸਹੂਲਤ ਪ੍ਰਦਾਨ ਕਰਨ ਲਈ ਛਬੀਲਾਂ ਤਿਆਰ ਕਰਨ ਦੀ ਸੇਵਾ ਵੀ ਆਰੰਭੀ

ਚੌਂਕ ਰਾਮ ਤਲਾਈ ਵਿਖੇ ਕਾਰ ਪਾਰਕਿੰਗ ਦੇ ਨੀਂਹ ਪੱਥਰ ਤੋਂ ਪਰਦਾ ਹਟਾਉਂਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ। ਉਨ੍ਹਾਂ ਨਾਲ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਹੋਰ।

ਛਬੀਲਾਂ ਦੀ ਕਾਰ-ਸੇਵਾ ਦੀ ਆਰੰਭਤਾ ਕਰਦੇ ਹੋਏ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਹੋਰ।

ਅੰਮ੍ਰਿਤਸਰ 23 ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਦਰਸ਼ਨ ਦੀਦਾਰੇ ਕਰਨ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਰਾਮ ਤਲਾਈ ਚੌਂਕ ਵਿਖੇ ਬਣਾਈ ਜਾਣ ਵਾਲੀ ਕਾਰ ਪਾਰਕਿੰਗ ਦਾ ਨੀਂਹ ਪੱਥਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰੱਖਿਆ। ਇਸੇ ਦੌਰਾਨ ਹੀ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਸੰਗਤ ਲਈ ਜਲ ਦੀ ਸਹੂਲਤ ਲਈ ਛਬੀਲਾਂ ਤਿਆਰ ਕਰਨ ਦੀ ਸੇਵਾ ਵੀ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤੀ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ।
 ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੁਨੀਆਂ ਦੇ ਸਭ ਤੋਂ ਮਹਾਨ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਸੰਗਤਾਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ, ਜਿਸ ਕਾਰਨ ਵਾਹਨਾਂ ਦੀ ਗਿਣਤੀ ਵੀ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਕਾਰ ਪਾਰਕਿੰਗ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਸੰਗਤ ਨੂੰ ਠੰਡੇ ਜਲ ਦੀ ਸਹੂਲਤ ਪ੍ਰਦਾਨ ਕਰਨ ਲਈ ਦੋ ਛਬੀਲਾਂ ਵੀ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕਾਰ ਪਾਰਕਿੰਗ ਅਤੇ ਛਬੀਲਾਂ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕਰਵਾਈ ਜਾਵੇਗੀ। ਪ੍ਰੋ. ਬਡੂੰਗਰ ਨੇ ਇਹ ਵੀ ਦੱਸਿਆ ਕਿ ਹੰਸਲੀ ਨਜ਼ਦੀਕ ਚੌਂਕ ਰਾਮ ਤਲਾਈ ਜੀ. ਟੀ. ਰੋਡ ਤੋਂ ਲੈ ਕੇ ਘਿਓ ਮੰਡੀ ਤੀਕ ਬਣਾਈ ਜਾਣ ਵਾਲੀ ਕਾਰ ਪਾਰਕਿੰਗ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਵੀ ਲਗਾਏ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਾਰ ਪਾਰਕਿੰਗ ਤਿਆਰ ਹੋਣ ਨਾਲ ਸੰਗਤਾਂ ਦੇ ਵਾਹਨਾਂ ਲਗਾਉਣ ਦੀ ਸਮੱਸਿਆ ਯਕੀਨਨ ਹੱਲ ਹੋਵੇਗੀ।
 ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਅੰਦਰ ਸਿੱਖ ਵਿਧਾਇਕਾਂ ਦੀ ਦਸਤਾਰ ਦੀ ਬੇਅਦਬੀ ਬੇਹੱਦ ਨਿੰਦਣਯੋਗ ਹੈ, ਜਿਸ ਲਈ ਵਿਧਾਨ ਸਭਾ ਸਪੀਕਰ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਉਂਕਿ ਉਥੇ ਮੌਜੂਦ ਸਨ, ਇਸ ਲਈ ਉਨ੍ਹਾਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਂਦਿਆਂ ਹੋਇਆਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਆਦੇਸ਼ ਦੇਣ।
 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਸ. ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਗੁਰਪ੍ਰੀਤ ਸਿੰਘ ਝੱਬਰ, ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਰਘਬੀਰ ਸਿੰਘ ਮੰਡ ਤੇ ਸ. ਗੁਰਿੰਦਰ ਸਿੰਘ ਮਥਰੇਵਾਲ, ਐਡੀ: ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ, ਸ. ਗੁਰਦੀਪ ਸਿੰਘ ਸੋਨੇ ਦੀ ਸੇਵਾ ਵਾਲੇ, ਸ. ਮਾਲਕ ਸਿੰਘ, ਸ. ਅਮਰਜੀਤ ਸਿੰਘ ਆਦਿ ਹਾਜ਼ਰ ਸਨ।