ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 16 ਨਵੰਬਰ – ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਸ੍ਰੀ ਰਾਮਨਾਥ ਕੋਵਿੰਦ ਦਾ ਘੰਟਾ ਘਰ ਦੇ ਬਾਹਰ ਪਲਾਜ਼ਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ ਅਤੇ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆ।ਪ੍ਰਕਰਮਾਂ ਕਰਦਿਆਂ ਸ੍ਰੀ ਰਾਮਨਾਥ ਕੋਵਿੰਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਇਥੇ ਸਥਿਤ ਹੋਰ ਅਸਥਾਨਾਂ ਸਬੰਧੀ ਰੁਚੀ ਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਵੀ ਕਰਵਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਸ਼ਾਦ ਰੂਪ ਵਿਚ ਸਿਰੋਪਾਓ ਅਤੇ ਫੁੱਲਾਂ ਦਾ ਹਾਰ ਬਖਸ਼ਿਸ਼ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਵਿਖੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ/ਸ਼ਾਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਰਾਮਨਾਥ ਕੋਵਿੰਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਿਜ਼ਟਰ ਬੁੱਕ ਵਿਚ ਆਪਣੇ ਅਨੁਭਵ ਦਰਜ ਕਰਦਿਆਂ ਲਿਖਿਆ ਕਿ ਮੈਨੂੰ ਇਥੇ ਨਤਮਸਤਕ ਹੋਣ ’ਤੇ ਸੰਗਤ, ਪੰਗਤ ਅਤੇ ਲੰਗਰ ਵਿਚ ਸਾਰੇ ਭੇਦ-ਭਾਵ ਮਿਟਾਉਣ ਦੀ ਸ਼ਕਤੀ ਦਾ ਅਨੁਭਵ ਹੋਇਆ ਹੈ। ਇਥੇ ਸ਼ਰਧਾਲੂਆਂ ਅੰਦਰ ਸਰਬੱਤ ਦੇ ਭਲੇ ਲਈ ਸਮਰਪਣ ਭਾਵਨਾ ਦੇਖ ਕੇ ਮਨੁੱਖਤਾਵਾਦੀ ਸੇਵਾ ਦਾ ਮਾਣ ਮਹਿਸੂਸ ਹੋਇਆ ਹੈ। ਉਨ੍ਹਾਂ ਲਿਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕ ਕੇ ਉਨ੍ਹਾਂ ਨੂੰ ਜੋ ਅਨੁਭਵ ਹੋਇਆ ਉਸ ਨੂੰ ਪਰਮਾਤਮਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਵਜੋਂ ਮਹਿਸੂਸ ਕਰਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ ਤੇ ਸ. ਜੈਪਾਲ ਸਿੰਘ ਮੰਡੀਆਂ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਅਜਾਇਬ ਸਿੰਘ ਅਭਿਆਸੀ, ਸ. ਹਰਪਾਲ ਸਿੰਘ ਜੱਲਾ ਤੇ ਸ. ਅਵਤਾਰ ਸਿੰਘ ਵਣਵਾਲਾ, ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਭਗਵੰਤ ਸਿੰਘ ਧੰਗੇੜਾ ਨਿੱੱਜੀ ਸਹਾਇਕ, ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਵਿਰਸਾ ਸਿੰਘ ਵਲਟੋਹਾ, ਸ. ਹਰਮੀਤ ਸਿੰਘ, ਸ. ਗੁਰਪ੍ਰਤਾਪ ਸਿੰਘ ਟਿੱਕਾ ਆਦਿ ਹਾਜ਼ਰ ਸਨ।