ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸਭਾ-ਸੁਸਾਇਟੀਆਂ ਨਾਲ ੧੦ ਤੇ ੧੧ ਅਕਤੂਬਰ ਨੂੰ ਕੀਤੀਆਂ ਜਾਣਗੀਆਂ ਇਕੱਤਰਤਾਵਾਂ

ਅੰਮ੍ਰਿਤਸਰ, 5 ਅਕਤੂਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਦੇ ਦਰਵਾਜ਼ੇ ਭਲਕੇ ੬ ਅਕਤੂਬਰ ਨੂੰ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਮੁਰੰਮਤ ਦੀ ਸੇਵਾ ਲਈ ਉਤਾਰੇ ਗਏ ਸਨ, ਜਿਨ੍ਹਾਂ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਦਰਵਾਜ਼ਿਆਂ ਦੀ ਮੁੜ ਸਥਾਪਨਾ ਸਮੇਂ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੀਆਂ।
ਇਸੇ ਦੌਰਾਨ ਸ. ਬੇਦੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਲਈ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ੧੦-੧੧ ਅਕਤੂਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕੱਤਰਤਾਵਾਂ ਬੁਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ੧੦ ਅਕਤੂਬਰ ਨੂੰ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਦੇ ਨੁਮਾਇੰਦਿਆਂ ਨਾਲ ਅਤੇ ੧੧ ਅਕਤੂਬਰ ਨੂੰ ਸਮੂਹ ਸਿੰਘ ਸਭਾਵਾਂ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਤੇ ਹੋਰ ਸਿੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ੫ ਅਕਤੂਬਰ ਨੂੰ ਹੋਣ ਵਾਲੀਆਂ ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਇਕੱਤਰਤਾਵਾਂ ਉੱਤਰ ਪ੍ਰਦੇਸ਼ ਤੋਂ ਆਰੰਭ ਕੀਤੇ ਗਏ ਨਗਰ ਕੀਰਤਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੇ ਜਾਣ ਕਾਰਨ ਅੱਗੇ ਪਾ ਦਿੱਤੀਆਂ ਗਈਆਂ ਹਨ। ਸ. ਬੇਦੀ ਅਨੁਸਾਰ ਇਨ੍ਹਾਂ ਮੀਟਿੰਗਾਂ ਦਾ ਸਮਾਂ ਤੇ ਸਥਾਨ ਬਾਅਦ ਵਿਚ ਤੈਅ ਕੀਤਾ ਜਾਵੇਗਾ।