ਸ਼੍ਰੋਮਣੀ ਕਮੇਟੀ ਉਤਾਰੇ ਗਏ ਪੁਰਾਤਨ ਦਰਵਾਜ਼ਿਆਂ ਨੂੰ ਸੁਰੱਖਿਅਤ ਸੰਭਾਲ ਕੇ ਰੱਖੇਗੀ -ਭਾਈ ਲੌਂਗੋਵਾਲ

ਅੰਮ੍ਰਿਤਸਰ, ੬ ਅਕਤੂਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਨਵੇਂ ਤਿਆਰ ਕੀਤੇ ਗਏ ਦਰਵਾਜ਼ਿਆਂ ਦੀ ਸਥਾਪਨਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਗਈ। ਇਹ ਦਰਵਾਜ਼ੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ ਕਾਰਸੇਵਾ ਰਾਹੀਂ ਤਿਆਰ ਕਰਵਾਏ ਗਏ ਹਨ। ਦਰਵਾਜ਼ੇ ਸਥਾਪਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਇਕ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਬੇਹੱਦ ਸੁੰਦਰ ਦਰਵਾਜ਼ੇ ਕਾਰਸੇਵਾ ਭੂਰੀਵਾਲਿਆਂ ਵੱਲੋਂ ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪੁਰਾਤਨ ਦਰਵਾਜ਼ਿਆਂ ਦੀ ਤਰ੍ਹਾਂ ਹੀ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਤਾਰੇ ਗਏ ਪੁਰਾਤਨ ਦਰਵਾਜ਼ਿਆਂ ਨੂੰ ਸੁਰੱਖਿਅਤ ਸੰਭਾਲ ਕੇ ਰੱਖੇਗੀ। ਉਨ੍ਹਾਂ ਸਮਾਗਮ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਖ਼ਾਸਕਰ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦਾ ਦਰਵਾਜ਼ਿਆਂ ਦੀ ਸੇਵਾ ਲਈ ਧੰਨਵਾਦ ਕੀਤਾ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਨਿਭਾਈਆਂ ਜਾਂਦੀਆਂ ਕਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੂੰ ਸਿੱਖ ਪੰਥ ਵੱਲੋਂ ਜਿਹੜੀ ਵੀ ਕਾਰਸੇਵਾ ਦਿੱਤੀ ਜਾਂਦੀ ਹੈ, ਉਸ ਨੂੰ ਬੇਹੱਦ ਸ਼ਰਧਾ ਭਾਵਨਾ ਨਿਭਾਉਂਦੇ ਹਨ। ਇਸ ਸਮੇਂ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਹਾਜ਼ਰ ਹੋਰ ਮਹਾਂਪੁਰਖਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਪਰਮਜੀਤ ਸਿੰਘ ਖਾਲਸਾ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਰਜੀਤ ਸਿੰਘ ਤੁਗਲਵਾਲ ਸ. ਰਤਨ ਸਿੰਘ ਜਫਰਵਾਲ, ਸ. ਦਰਸ਼ਨ ਸਿੰਘ ਜਲਾਲਾਬਾਦ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਜਗਜੀਤ ਸਿੰਘ ਜੱਗੀ, ਸ. ਸੁਖਮਿੰਦਰ ਸਿੰਘ ਬਰਨਾਲਾ ਨਿੱਜੀ ਸਹਾਇਕ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਸੁਲੱਖਣ ਸਿੰਘ ਭੰਗਾਲੀ, ਮਹੰਤ ਰਣਜੀਤ ਸਿੰਘ ਗੋਨੇਆਣਾ, ਮਹੰਤ ਗੋਪਾਲ ਸਿੰਘ ਕੁਠਾਰੀ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਮੇਜਰ ਸਿੰਘ ਵਾਂ, ਬਾਬਾ ਨਾਹਰ ਸਿੰਘ, ਸ. ਗੁਰਦੇਵ ਸਿੰਘ ਯੂ.ਕੇ., ਸ. ਸੁਖਰਾਜ ਸਿੰਘ ਨਾਇਬ, ਬਾਬਾ ਦੀਦਾਰ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਮੁਖਤਾਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਮੇਜਰ ਸਿੰਘ ਹਜ਼ੂਰ ਸਾਹਿਬ, ਬਾਬਾ ਗੁਰਨਾਮ ਸਿੰਘ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮਹੰਤ ਅਮਰੀਕ ਸਿੰਘ, ਮਹੰਤ ਸੁਖਚੈਨ ਸਿੰਘ, ਸ. ਰਾਮ ਸਿੰਘ ਭਿੰਡਰ, ਸ. ਨਰਿੰਦਰ ਸਿੰਘ, ਪ੍ਰੋਫ਼ੈਸਰ ਸਰਦਾਰਾ ਸਿੰਘ, ਸ. ਬੀਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਲਖਬੀਰ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਸੁਖਰਾਜ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਪੁਰਾਤਨਤਾ ਤੇ ਸੁੰਦਰ ਮੀਨਾਕਾਰੀ ਦਾ ਸੁਮੇਲ ਹਨ ਨਵੇਂ ਦਰਵਾਜ਼ੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਨਵੇਂ ਲਗਾਏ ਗਏ ਦਰਵਾਜ਼ੇ ਪੁਰਾਤਨ ਦਰਵਾਜ਼ਿਆਂ ਦੀ ਤਰ੍ਹਾਂ ਹੂਬਹੂ ਬਣਾਏ ਗਏ ਹਨ। ਦਰਵਾਜ਼ੇ ਤਿਆਰ ਕਰਨ ਲਈ ਟਾਹਲੀ ਦੀ ਕਾਲੀ ਲੱਕੜ ਵਰਤੀ ਗਈ ਹੈ ਅਤੇ ਇਸ ਦੇ ਇਕ ਪਾਸੇ ਚਾਂਦੀ ਦੀ ਪਰਤ ਅਤੇ ਦੂਸਰੇ ਪਾਸੇ ਸਮੁੰਦਰੀ ਸਿੱਪ ਨਾਲ ਸੁੰਦਰ ਮੀਨਾਕਾਰੀ ਕੀਤੀ ਗਈ ਹੈ। ਇਹ ਮੀਨਾਕਾਰੀ ਕੁਦਰਤ ਦਾ ਪ੍ਰਭਾਵ ਸਿਰਜਦੀ ਹੈ, ਜਿਸ ਵਿਚ ਖੂਬਸੂਰਤ ਦਰੱਖਤ, ਵੇਲਾਂ ਅਤੇ ਪੰਛੀ ਦਿਖਾਏ ਗਏ ਹਨ। ਮੀਨਾਕਾਰੀ ਕਰਨ ਲਈ ਆਗਰੇ ਅਤੇ ਅੰਮ੍ਰਿਤਸਰ ਦੇ ਕਾਰੀਗਰਾਂ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ ਹਨ ਅਤੇ ਲੱਕੜ ਦਾ ਕੰਮ ਕਾਰਸੇਵਾ ਭੂਰੀਵਾਲਿਆਂ ਦੇ ਕਾਰੀਗਰਾਂ ਨੇ ਕੀਤਾ ਹੈ। ਦਰਵਾਜ਼ਿਆਂ ਦੀ ਉਚਾਈ ੧੧੮ ਇੰਚ, ਜਦਕਿ ਚੌੜਾਈ ੧੧੦ ਇੰਚ ਹੈ। ਇਨ੍ਹਾਂ ਦੇ ਬਾਹਰਲੇ ਹਿੱਸੇ ‘ਤੇ ੬੦ ਕਿਲੋ ਚਾਂਦੀ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਅਨੁਸਾਰ ਇਹ ਨਵੇਂ ਦਰਵਾਜ਼ੇ ਲਗਾਉਣ ਤੋਂ ਬਾਅਦ ਪਹਿਲੇ ਦਰਵਾਜ਼ੇ ਸੁਰੱਖਿਅਤ ਸੰਭਾਲੇ ਜਾਣਗੇ, ਜਿਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੇਖ ਸਕਣਗੀਆਂ।