ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ


ਅੰਮ੍ਰਿਤਸਰ, ੬ ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੇ ਡੀਆਈਜੀ ਸ. ਜਤਿੰਦਰ ਸਿੰਘ ਓਬਰਾਏ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਦਪਿੰਦਰ ਕੌਰ ਵੀ ਮੌਜੂਦ ਸਨ। ਸ. ਓਬਰਾਏ ਅਤੇ ਉਨ੍ਹਾਂ ਦੀ ਪਤਨੀ ਪਾਵਨ ਅਸਥਾਨ ਵਿਖੇ ਕੀਰਤਨ ਸਰਵਣ ਕੀਤਾ। ਇਸ ਮੌਕੇ ਡੀ.ਆਈ.ਜੀ. ਸ੍ਰੀ ਓਬਰਾਏ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਸ. ਓਬਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰੇ ਕਰਕੇ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਆਖਿਆ ਕਿ ਇਹ ਅਸਥਾਨ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਸੋਮਾ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ ਰੋਮੀ ਆਦਿ ਮੌਜੂਦ ਸਨ।