ਅੰਮ੍ਰਿਤਸਰ, 23 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ-ਸੰਭਾਲ ਅਤੇ ਹੋਰ ਕਾਰਜਾਂ ਦੀ ਕਾਰਸੇਵਾ ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਨੂੰ ਸੌਂਪੀ ਗਈ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਇਹ ਸੇਵਾ ਉਹ ਪਾਵਨ ਅਸਥਾਨ ਦੀ ਪੁਰਾਤਨਤਾ ਅਤੇ ਪ੍ਰੰਪਰਾ ਅਨੁਸਾਰ ਕਰਨਗੇ। ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਇਨ੍ਹਾਂ ਕਾਰਜਾਂ ਲਈ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਅੱਜ ਨਿਸ਼ਕਾਮ ਸੇਵਕ ਜਥੇ ਦੇ ਭਾਰਤ ਪ੍ਰਤੀਨਿਧ ਭਾਈ ਇੰਦਰਜੀਤ ਸਿੰਘ, ਡਾ. ਭੁਪਿੰਦਰ ਸਿੰਘ ਪ੍ਰੋਫੈਸਰ ਆਈ.ਆਈ.ਟੀ. ਰੁੜਕੀ ਅਤੇ ਇੰਜੀ: ਡਾ. ਕਾਇਜ਼ਾਕ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਦੌਰਾਨ ਪੁੱਜੇ ਮਾਹਿਰਾਂ ਅਤੇ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਤਸਵੀਰ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਥੇ ਦੇ ਪ੍ਰਤੀਨਿਧ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਮੀਨਾਕਾਰੀ ਅਦੁਭੁੱਤ ਹੈ ਅਤੇ ਇਸ ਦੀ ਸੇਵਾ ਸੰਭਾਲ ਸਿੱਖ ਰਵਾਇਤ ਅਨੁਸਾਰ ਕੀਤੀ ਜਾਵੇਗੀ। ਇਸ ਕਾਰਜ ਲਈ ਭਾਰਤ ਦੇ ਪ੍ਰਮੁੱਖ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਪ੍ਰਮੁੱਖ ਵੱਲੋਂ ਅੱਜ ਮੌਕਾ ਦੇਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੇਂ ਅਨੁਸਾਰ ਆ ਰਹੀਆਂ ਸਮੱਸਿਆਵਾਂ ਨੂੰ ਸਮਝ ਕੇ ਇਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸ. ਗੁਰਮੀਤ ਸਿੰਘ ਬੂਹ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਸਤਨਾਮ ਸਿੰਘ ਆਦਿ ਮੌਜੂਦ ਸਨ।