ਅੰਮ੍ਰਿਤਸਰ, 16 ਜਨਵਰੀ –
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਉਸਾਰੀ ਗਈ ‘ਸੱਚ ਦੀ ਕੰਧ’ 1984 ਈ: ਵਿਚ ਕੀਤੀ ਗਈ ਸਿੱਖ ਨਸਲਕੁਸ਼ੀ ਦੇ ਸੱਚ ਦੀ ਜ਼ੁਬਾਨ ਬਣੇਗੀ। ਇਸ ਨਾਲ ਵਕਤ ਦੀ ਕੇਂਦਰੀ ਸਰਕਾਰ ਵੱਲੋਂ ਕੀਤੇ ਗਏ ਅਣਮਨੁੱਖੀ ਕਾਰੇ ਨੂੰ ਦੁਨੀਆਂ ਦੇ ਲੋਕ ਦੇਖ-ਸਮਝ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਇਹ ਉਪਰਾਲਾ ਸਿੱਖਾਂ ‘ਤੇ ਹੋਏ ਜ਼ੁਲਮਾਂ ਨੂੰ ਰੂਪਮਾਨ ਕਰੇਗਾ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਅੱਜ 33 ਸਾਲ ਬੀਤਣ ਤੋਂ ਬਾਅਦ ਵੀ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਸਕਿਆ। ਕਾਂਗਰਸ ਦੇ ਕੁਝ ਨੇਤਾਵਾਂ ਦੀ ’84 ਦੇ ਸਿੱਖ ਕਤਲੇਆਮ ਵਿਚ ਸ਼ਮੂਲੀਅਤ ਹੋਣ ਦੇ ਸਬੂਤ ਸਾਹਮਣੇ ਆਉਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾ ਰਹੀਆਂ। ਕੀ ਇਹ ਘੱਟ ਗਿਣਤੀ ਕੌਮਾਂ ਨੂੰ ਦਬਾਉਣ ਦਾ ਕੋਝਾ ਯਤਨ ਨਹੀਂ?

ਉਨ੍ਹਾਂ ਕਿਹਾ ਕਿ ਸਬੰਧਤ ਸਰਕਾਰਾਂ ਨੂੰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸੁਹਿਰਦ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਿੱਖਾਂ ਅੰਦਰ ਬੇਗ਼ਾਨਗੀ ਦਾ ਅਹਿਸਾਸ ਨਾ ਪੈਦਾ ਹੋਏ।