ਅੰਮ੍ਰਿਤਸਰ, 9 ਫ਼ਰਵਰੀ– ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਗੋਬਿੰਦ ਸਿੰਘ ਕਾਂਝਲਾ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਕਾਂਝਲਾ ਲੋਕ ਮਸਲਿਆਂ ਦੀ ਪੈਰਵਾਈ ਵਾਲੇ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ। ਉਨ੍ਹਾਂ ਨੇ ਸਮਾਜ ਦੀ ਬਿਹਤਰੀ ਲਈ ਅਹਿਮ ਕਾਰਜ ਕੀਤੇ ਹਨ। ਭਾਈ ਲੌਂਗੋਵਾਲ ਨੇ ਆਖਿਆ ਕਿ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਸ. ਕਾਂਝਲਾ ਦੇ ਤੁਰ ਜਾਣ ਨਾਲ ਸਮਾਜ, ਪਰਿਵਾਰ ਤੇ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਿਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕਰਤਾ ਪੁਰਖ ਦਾ ਭਾਣਾ ਅਟੱਲ ਹੈ, ਜਿਸ ਅੱਗੇ ਜ਼ੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਨਾਲ ਜੋੜਨ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।