1-2

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ 29 ਜੁਲਾਈ- ਜਥੇਦਾਰ ਸੁਜਾਨ ਸਿੰਘ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਛੋਟੇ ਭਰਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਦੇ ਪਿਤਾ ਸ. ਖਜ਼ਾਨ ਸਿੰਘ (੭੮) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਮਨਾਵਾਂ ਵਿਖੇ ਗੁਰਦੁਆਰਾ ਬਾਬਾ ਭਾਈ ਲੱਖੀਆ ਜੀ ਦੇ ਸ਼ਮਸ਼ਾਨਘਾਟ ਵਿਖੇ ਹੋਇਆ, ਜਿਥੇ ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ।ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਮਨਜੀਤ ਸਿੰਘ ਸਕੱਤਰ ਤੇ ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ ਨੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਦੁਸ਼ਾਲਾ ਤੇ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਪਾਇਆ।ਸ. ਖਜ਼ਾਨ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਹਰਭਜਨ ਸਿੰਘ ਨੇ ਦਿੱਤੀ।  
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸ. ਖਜ਼ਾਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।ਉਨ੍ਹਾਂ ਕਿਹਾ ਕਿ ਸ. ਖਜ਼ਾਨ ਸਿੰਘ ਗੁਰੂ-ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ।ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਅੱਗੇ ਅਰਦਾਸ ਹੈ ਸ. ਖਜ਼ਾਨ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।            
   ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ. ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਕੱਤਰ ਸਿੰਘ, ਸ. ਚਾਨਣ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸ. ਲਖਬੀਰ ਸਿੰਘ ਮੀਤ ਮੈਨੇਜਰ, ਬਾਬਾ ਸੁਬੇਗ ਸਿੰਘ ਵੱਲੋਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਗੋਵਿੰਦਵਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਹੈਡ ਗ੍ਰੰਥੀ ਭਾਈ ਕੁਲਵੰਤ ਸਿੰਘ ਤੇ ਮੈਨੇਜਰ ਸ. ਕਰਨੈਲ ਸਿੰਘ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਦੇ ਹੈਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।