ਅੰਮ੍ਰਿਤਸਰ, 19 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਕਾਰਜਕਾਰੀ ਪ੍ਰਧਾਨ ਸ. ਬਲਦੇਵ ਸਿੰਘ ਮਾਹਿਲਪੁਰੀ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਇੰਦਰ ਸਿੰਘ ਕਿਰਤੋਵਾਲ ਅਤੇ ਕੌਮ ਦੇ ਮਹਾਨ ਸ਼੍ਰੋਮਣੀ ਕਵੀਸ਼ਰ ਗਿਆਨੀ ਬਲਦੇਵ ਸਿੰਘ ਬੈਂਕਾ ਦੀਆਂ ਸਿੱਖ ਕੌਮ ਪ੍ਰਤੀ ਨਿਭਾਈਆਂ ਬਹੁਮੁੱਲੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈਆਂ ਗਈਆਂ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸ਼ਬਦ ਕੀਰਤਨ ਕੀਤਾ ਅਤੇ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ।

ਇਸ ਸਮੇਂ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਸ਼ਖਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ ਜਿਨ੍ਹਾਂ ਨੇ ਧਰਮ ਅਤੇ ਕੌਮ ਦੀ ਲਈ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਖਸੀਅਤਾਂ ਦਾ ਵੀ ਪੰਥ ਦੀ ਚੜ੍ਹਦੀ ਕਲਾ ਲਈ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਆਖਿਆ ਕਿ ਸਾਬਕਾ ਮੈਂਬਰ ਤੇ ਕਾਰਜਕਾਰੀ ਪ੍ਰਧਾਨ ਰਹੇ ਸ. ਬਲਦੇਵ ਸਿੰਘ ਮਹਿਲਪੁਰੀ ਨੇ ਲੰਮਾ ਸਮਾਂ ਬਤੌਰ ਮੈਂਬਰ ਸ਼੍ਰੋਮਣੀ ਕਮੇਟੀ ਸੇਵਾਵਾਂ ਨਿਭਾਈਆਂ ਅਤੇ ਪੰਜਾਬੀ ਸੂਬਾ ਮੋਰਚੇ ਵਿਚ ਕੌਮੀ ਸਮਰਪਣ ਭਾਵਨਾ ਨਾਲ ਹਿੱਸਾ ਲਿਆ। ਸਿੰਘ ਸਾਹਿਬ ਨੇ ਸਾਬਕਾ ਮੈਂਬਰ ਜਥੇਦਾਰ ਇੰਦਰ ਸਿੰਘ ਕਿਰਤੋਵਾਲ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਲਗਭਗ ਸਾਰੇ ਮੋਰਚਿਆਂ ਵਿਚ ਭਾਗ ਲਿਆ ਤੇ ਕਈ ਵਾਰ ਜੇਲ੍ਹਾਂ ਵੀ ਕੱਟੀਆਂ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼੍ਰੋਮਣੀ ਕਵੀਸ਼ਰ ਗਿਆਨੀ ਬਲਦੇਵ ਸਿੰਘ ਬੈਂਕਾ ਨੇ ਧਰਮ ਪ੍ਰਚਾਰ ਕਮੇਟੀ ਵਿਚ ਬਹੁਤ ਲੰਮਾ ਸਮਾਂ ਬਤੌਰ ਕਵੀਸ਼ਰ ਸੇਵਾਵਾਂ ਨਿਭਾਈਆਂ ਅਤੇ ਕਈ ਪੁਸਤਕਾਂ ਵੀ ਕੌਮ ਦੀ ਝੋਲੀ ਪਾਈਆਂ। ਇਸ ਮੌਕੇ ਇਨ੍ਹਾਂ ਤਿੰਨਾਂ ਸ਼ਖਸੀਅਤਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਹੋਏ ਜਿਨ੍ਹਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਭਾਗ ਸਿੰਘ ਸੱਲ੍ਹਾ, ਸ. ਭਗਵੰਤ ਸਿੰਘ ਸਿਆਲਕਾ ਤੇ ਬੀਬੀ ਰਣਜੀਤ ਕੌਰ ਮਾਹਿਲਪੁਰ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਮਨਜਿੰਦਰ ਸਿੰਘ ਮੰਡ, ਸ. ਇਕਬਾਲ ਸਿੰਘ ਮੁਖੀ ਐਡੀਸ਼ਨਲ ਮੈਨੇਜਰ, ਸ. ਗੁਰਮੀਤ ਸਿੰਘ ਪ੍ਰਧਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ. ਗੁਰਿੰਦਰਪਾਲ ਸਿੰਘ ਬੈਂਕਾ, ਬੀਬੀ ਸੁਖਵਿੰਦਰ ਕੌਰ, ਸ. ਗੁਰਦਾਤਾਰ ਸਿੰਘ, ਬੀਬੀ ਜਸਪ੍ਰੀਤ ਕੌਰ, ਪ੍ਰੋ: ਅਪਿੰਦਰ ਸਿੰਘ ਮਾਹਿਲਪੁਰ, ਬੀਬੀ ਦਿਆਲ ਕੌਰ, ਸ. ਆਤਮਾ ਸਿੰਘ ਆਦਿ ਹਾਜ਼ਰ ਸਨ।