ਅੰਮ੍ਰਿਤਸਰ ੧੮ ਅਪ੍ਰੈਲ – ਪੰਜਾਬੀ ਹੈਰੀਟੇਜ਼ ਆਰਗੇਨਾਈਜੇਸ਼ਨ ਅਮਰੀਕਾ ਦੇ ਬਾਨੀ ਪ੍ਰਧਾਨ ਸ. ਸਤਨਾਮ ਸਿੰਘ ਔਲਖ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਕੇ ਜਿਥੇ ਸੰਸਾਰ ਜੰਗਾਂ ਵਿਚ ਸਿੱਖਾਂ ਦੇ ਯੋਗਦਾਨ ਨੂੰ ਦਰਸਾਉਂਦੀ ਆਪਣੀ ਪੁਸਤਕ ‘ਸਿੱਖ ਵਾਰੀਅਰਜ਼ ਇਨ ਵਰਲਡ ਵਾਰਜ਼’ ਭੇਟ ਕੀਤੀ, ਉਥੇ ਹੀ ਅਮਰੀਕਾ ‘ਚ ਸਰਕਾਰਾਂ ਵੱਲੋਂ ਸਿੱਖਾਂ ਸਬੰਧੀ ਪਾਸ ਕੀਤੇ ਗਏ ਮਤਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੁਲਾਕਾਤ ਦੌਰਾਨ ਸ. ਸਤਨਾਮ ਸਿੰਘ ਔਲਖ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦੱਸਿਆ ਕਿ ਅਮਰੀਕਾ ਅੰਦਰ ਸਿੱਖ ਪਛਾਣ ਦੇ ਪ੍ਰਚਾਰ ਲਈ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਦਾ ਸਿੱਟਾ ਹੈ ਕਿ ਵਰਜੀਨੀਆ ਸਟੇਟ ਵੱਲੋਂ ਸਾਰਾਗੜ੍ਹੀ ਜੰਗ ਸਬੰਧੀ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਤੇ ਵਿਚ ਜਿਥੇ ਸਾਰਾਗੜ੍ਹੀ ਜੰਗ ਦੇ ੨੧ ਸਿੰਘਾਂ ਦੀ ਬਹਾਦਰੀ ਤੇ ਕੁਰਬਾਨੀ ਦੀ ਪ੍ਰਸ਼ੰਸਾ ਕੀਤੀ ਗਈ, ਉਥੇ ਹੀ ਹਰ ਸਾਲ ਸੂਬੇ ਅੰਦਰ ੧੨ ਸਤੰਬਰ ਦਾ ਦਿਨ ਸਾਰਾਗੜ੍ਹੀ ਜੰਗ ਦੇ ਯੋਧਿਆਂ ਦੀ ਯਾਦ ਵਿਚ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਿਊਜਰਸੀ ਸਟੇਟ ਵੱਲੋਂ ਅਪ੍ਰੈਲ ਮਹੀਨੇ ਨੂੰ ਸਿੱਖ ਪਛਾਣ ਵਜੋਂ ਮਨਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਗੁਰਦੁਆਰਾ ਕਮੇਟੀਆਂ ਅਤੇ ਪ੍ਰਮੁੱਖ ਸਿੱਖਾਂ ਵੱਲੋਂ ਸਿੱਖ ਪਛਾਣ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਭਾਈ ਲੌਂਗੋਵਾਲ ਨੇ ਸ. ਸਤਨਾਮ ਸਿੰਘ ਔਲਖ ਵੱਲੋਂ ਸੰਸਾਰ ਜੰਗਾਂ ਸਮੇਂ ਸਿੱਖਾਂ ਦੇ ਯੋਗਦਾਨ ਨੂੰ ਪੁਸਤਕ ਰੂਪ ਵਿਚ ਉਭਾਰਨ ਲਈ ਵੀ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ. ਸਤਨਾਮ ਸਿੰਘ ਔਲਖ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਹਰਦਲਬੀਰ ਸਿੰਘ ਸ਼ਾਹ ਸਾਬਕਾ ਮੈਂਬਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਤੇ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ।