ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸ਼ਵ ਸ਼ਾਂਤੀ ਦਾ ਸੋਮਾ ਦੱਸਿਆ

ਅੰਮ੍ਰਿਤਸਰ, ੧੮ ਜੂਨ- ਕੈਨੇਡਾ ਸਰਕਾਰ ਵਿਚ ਸਾਬਤ ਸੂਰਤ ਗੁਰਸਿੱਖ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨੇ ਆਪਣੀ ਪੰਜਾਬ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ ਹੈ। ਸ. ਸੱਜਣ ਨੇ ਪ੍ਰੋ. ਬਡੂੰਗਰ ਨੂੰ ਭੇਜੇ ਇੱਕ ਧੰਨਵਾਦੀ ਪੱਤਰ ਰਾਹੀਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਸਵਾਗਤ ਅਤੇ ਸਨਮਾਨ ਕਰਨ ਤੋਂ ਉਹ ਬੇਹੱਦ ਪ੍ਰਭਾਵਿਤ ਹੋਏ ਹਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਦੇ ਅਨੁਭਵ ਨੂੰ ਆਪਣੇ ਜੀਵਨ ਦਾ ਹਾਸਿਲ ਦੱਸਿਆ ਅਤੇ ਕਿਹਾ ਕਿ ਇਹ ਪਲ ਉਨ੍ਹਾਂ ਲਈ ਅਹਿਮ ਸਨ। ਸ. ਸੱਜਣ ਨੇ ਕਿਹਾ ਕਿ ਇਸ ਮਹਾਨ ਅਸਥਾਨ ‘ਤੇ ਆਪਣੀ ਸ਼ਰਧਾ ਲੈ ਕੇ ਪੁੱਜੇ ਦੁਨੀਆ ਭਰ ਦੇ ਲੋਕਾਂ ਨੂੰ ਵੇਖ ਕੇ ਉਨ੍ਹਾਂ ਦਾ ਆਤਮਿਕ ਅਮੀਰੀ ਵਿਚ ਵਿਸ਼ਵਾਸ ਹੋਰ ਵੀ ਪੱਕਾ ਹੋਇਆ ਹੈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਾਪਤ ਸ਼ਾਂਤੀ ਦੀ ਅਵਸਥਾ ਨੂੰ ਵਿਸ਼ਵ ਸ਼ਾਂਤੀ ਲਈ ਸੁਨੇਹੇ ਦੇ ਰੂਪ ਵਿਚ ਚਿਤਵਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੋਂ ਮਿਲੇ ਭਰਵੇਂ ਸਹਿਯੋਗ ਲਈ ਉਹ ਧੰਨਵਾਦੀ ਹਨ।
ਦੱਸਣਯੋਗ ਹੈ ਕਿ ਲੰਘੀ ੨੦ ਅਪ੍ਰੈਲ ਨੂੰ ਸ. ਹਰਜੀਤ ਸਿੰਘ ਸੱਜਣ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ, ਉਥੇ ਹੀ ਉਨ੍ਹਾਂ ਦੇ ਸਨਮਾਨ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤਾ ਗਿਆ ਸੀ। ਸ. ਸੱਜਣ ਦੇ ਸਵਾਗਤ ਅਤੇ ਸਨਮਾਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਅਧਿਕਾਰੀ ਹਾਜ਼ਰ ਰਹੇ ਸਨ।