ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 12 ਅਗਸਤ- ਹਰਿਆਣਾ ਦੇ ਉਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁਝ ਸਮਾਂ ਇਲਾਹੀ ਗੁਰਬਾਣੀ ਦਾ ਕੀਰਤਨ ਸੁਣਿਆ। ਉਹ ਇਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਪਰਿਵਾਰ ਵੱਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਪੁੱਜੇ ਸਨ। ਸ੍ਰੀ ਚੌਟਾਲਾ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਮੇਘਨਾ ਚੌਟਾਲਾ ਅਤੇ ਭਰਾ ਸ੍ਰੀ ਦਿੱਗ ਵਿਜਯ ਸਿੰਘ ਚੌਟਾਲਾ ਵੀ ਮੌਜੂਦ ਸਨ। ਸ੍ਰੀ ਦੁਸ਼ਯੰਤ ਚੌਟਾਲਾ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਾਨਵਤਾ ਲਈ ਆਸਥਾ ਦਾ ਕੇਂਦਰ ਹਨ। ਇਥੇ ਅਰਦਾਸ ਕਰਕੇ ਸੁਖਦ ਅਹਿਸਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਨੇ ਇਸ ਪਾਵਨ ਅਸਥਾਨ ਵਿਖੇ ਸ਼ਰਧਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਸਨ ਅਤੇ ਉਨ੍ਹਾਂ ਨੇ ਮਨੁੱਖਤਾ ਦੀ ਸੁਖ ਸ਼ਾਂਤੀ ਲਈ ਅਰਦਾਸ ਕਰਵਾਈ ਹੈ। ਉਪ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਪਾਵਨ ਅਸਥਾਨ ਸਾਰੀ ਮਾਨਵਤਾ ਨੂੰ ਜੋੜਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਦੇਵ ਸਿੰਘ ਕਾਇਮਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਸ੍ਰੀ ਦੁਸ਼ਯੰਤ ਚੌਟਾਲਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸੇ ਦੌਰਾਨ ਹਰਿਆਣਾ ਦੇ ਉਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਦੇ ਪਰਿਵਾਰ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਅੰਤਿ੍ਰੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਰਾਜਿੰਦਰ ਸਿੰਘ ਰੂਬੀ, ਸ. ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ, ਸ. ਜਗਸੀਰ ਸਿੰਘ ਜੰਡਵਾਲਾ, ਸ. ਰਣਦੀਪ ਸਿੰਘ, ਸ. ਸੁਖਰਾਜ ਸਿੰਘ ਸੇਵਾਮੁਕਤ ਤਹਿਸੀਲਦਾਰ ਆਦਿ ਮੌਜੂਦ ਸਨ।