ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਸੰਥਿਆ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਕਾਰਜ ਸ਼ਲਾਘਾਯੋਗ –ਗਿਆਨੀ ਹਰਪ੍ਰੀਤ ਸਿੰਘ
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਸੰਪੰਨ

ਤਲਵੰਡੀ ਸਾਬੋ (ਬਠਿੰਡਾ), ੧੯ ਮਈ- ਗ੍ਰੰਥੀ ਤੇ ਅਖੰਡਪਾਠੀ ਸਿੰਘ ਸਿੱਖੀ ਪ੍ਰਚਾਰ ਦਾ ਮੁੱਖ ਧੁਰਾ ਹਨ ਅਤੇ ਇਨ੍ਹਾਂ ਦਾ ਗੁਰਬਾਣੀ ਦੇ ਉਚਾਰਨ ਦੀਆਂ ਬਰੀਕੀਆਂ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੀਤੇ ਇਕ ਮਹੀਨੇ ਤੋਂ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਸਮੇਂ ਇਥੇ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਰੱਖੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਸੇਵਾ ਨਿਭਾਅ ਰਹੇ ਹਰ ਗ੍ਰੰਥੀ ਤੇ ਅਖੰਡਪਾਠੀ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਸਿੱਖਿਆ ਦੇਣਾ ਸ਼੍ਰੋਮਣੀ ਕਮੇਟੀ ਦਾ ਮੁੱਖ ਟੀਚਾ ਹੈ, ਜਿਸ ਨੂੰ ਪੂਰਾ ਕਰਨ ਲਈ ਇੱਕ ਵਿਸ਼ੇਸ਼ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਜਿਲ੍ਹੇ ਵਿਚ ਪਾਠ ਬੋਧ ਸਮਾਗਮ ਹੋਣਗੇ ਅਤੇ ਅਗਲਾ ਸਮਾਗਮ ੧ ਜੂਨ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਗੁਰਬਾਣੀ ਪਾਠ ਬੋਧ ਸਮਾਗਮ ਵਿਚ ਗੁਰਬਾਣੀ ਦੀ ਮੁਕੰਮਲ ਸੰਥਿਆ ਲੈਣ ਵਾਲੇ ਗ੍ਰੰਥੀਆਂ ਤੇ ਅਖੰਡਪਾਠੀਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਪ੍ਰਮਾਣ ਪੱਤਰ ਤੇ ੫੧-੫੧ ਸੌ ਰੁਪਏ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਦੇ ਸ਼ੁੱਧ ਉਚਾਰਨ ਲਈ ਗ੍ਰੰਥੀ-ਅਖੰਡਪਾਠੀ ਸਿੰਘਾਂ ਨੂੰ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਮੁਹਿੰਮ ਸਮੇਂ ਦੀ ਲੋੜ ਹੈ ਅਤੇ ਇਸ ਕਾਰਜ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਧਾਈ ਦੇ ਹੱਕਦਾਰ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤਿੰ੍ਰਗ ਮੈਂਬਰ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਮਾਪਤੀ ਦੀ ਅਰਦਾਸ ਹੋਈ। ਸਟੇਜ਼ ਦੀ ਸੇਵਾ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਨਿਭਾਈ। ਦੱਸਣਯੋਗ ਹੈ ਕਿ ਇਸ ਪਾਠ ਬੋਧ ਸਮਾਗਮ ਵਿਚ ੧੦੦ ਤੋਂ ਵੱਧ ਗੰ੍ਰਥੀ, ਅਖੰਡਪਾਠੀ ਸਿੰਘਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਨਿੱਜੀ ਤੌਰ ‘ਤੇ ਪਾਠ ਕਰਨ ਲਈ ਕੁਝ ਬੀਬੀਆਂ ਨੇ ਵੀ ਗੁਰਬਾਣੀ ਉਚਾਰਨ ਦੀ ਸੰਥਿਆ ਪ੍ਰਾਪਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਸੁਰਜੀਤ ਸਿੰਘ ਰਾਏਪੁਰ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਬੀਬੀ ਜੋਗਿੰਦਰ ਕੌਰ ਬਠਿੰਡਾ, ਜਥੇਦਾਰ ਉਦੈ ਸਿੰਘ ਲੌਂਗੋਵਾਲ, ਬਾਬਾ ਛੋਟਾ ਸਿੰਘ ਬੁੰਗਾ ਮਸਤੂਆਣਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ ਭੂਰਾਕੋਹਨਾ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਸ. ਕਰਨ ਸਿੰਘ, ਸ. ਸੁਮੇਰ ਸਿੰਘ ਬਾਦੀਆਂ ਆਦਿ ਮੌਜੂਦ ਸਨ।