ਅੰਮ੍ਰਿਤਸਰ : 14 ਮਾਰਚ (      ) ਹਲਕਾ ਧਰਮ ਕੋਟ ਦੀਆਂ ਸੰਗਤਾਂ ਵੱਲੋਂ ਜਥੇਦਾਰ ਤੋਤਾ ਸਿੰਘ ਖੇਤੀਬਾੜੀ ਮੰਤਰੀ, ਪੰਜਾਬ ਸਰਕਾਰ ਦੀ ਅਗਵਾਈ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੁੱਕੀ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਜਥੇਦਾਰ ਤੋਤਾ ਸਿੰਘ ਅਤੇ ਹਲਕਾ ਧਰਮ ਕੋਟ ਦੀਆਂ ਸੰਗਤਾਂ ਨੂੰ ਸ੍ਰ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਗੱਲਬਾਤ ਕਰਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਹਲਕਾ ਧਰਮ ਕੋਟ ਦੀਆਂ ਸੰਗਤਾਂ ਦੇ ਬਹੁਤ ਵੱਡੇ ਭਾਗ ਨੇ ਕਿ ਉਨ੍ਹਾਂ ਨੂੰ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਸੇਵਾ ਕਰਨ ਦਾ ਸੁਭਾਗ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਲੰਗਰ ਦੀ ਪ੍ਰਥਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ਼ੁਰੂ ਕੀਤੀ ਸੀ ਤੇ ਬਾਕੀ ਗੁਰੂ ਸਾਹਿਬਾਨ ਨੇ ਉਨ੍ਹਾਂ ਦੇ ਨਕਸ਼ੇ ਕਦਮ ਤੇ ਚੱਲਦਿਆਂ ਇਸ ਪ੍ਰਥਾ ਨੂੰ ਅੱਗੇ ਤੋਰਿਆ। ਉਨ੍ਹਾਂ ਕਿਹਾ ਕਿ ਆਪਣੇ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ ਸੁੱਚੇ ਮਾਰਗ ਤੇ ਚੱਲਦਿਆਂ ਅੱਜ ਹਰ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਇਸ ਪ੍ਰਥਾ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਧੰਨਤਾ ਯੋਗ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ ਘਰ ਦੇ ਲੰਗਰ ਵਿੱਚ ਆਪਣੀ ਦੱਸਾਂ ਨਹੁੰਆਂ ਦੀ ਕਿਰਤ ਕਮਾਈ ਵਿੱਚੋਂ ਲੰਗਰ ਦੀ ਸੇਵਾ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲਦਾ ਹੈ।
ਇਸ ਮੌਕੇ ਜਥੇਦਾਰ ਤੋਤਾ ਸਿੰਘ ਨਾਲ ਉਨ੍ਹਾਂ ਦੇ ਨਿਜੀ ਸਹਾਇਕ ਸ੍ਰ: ਰਜਿੰਦਰ ਸਿੰਘ ਡੱਲਾ, ਸ੍ਰ: ਬਰਜਿੰਦਰ ਸਿੰਘ ਮੱਖਣ ਚੇਅਰਮੈਨ ਹੈਲਥ ਸਿਸਟਮ, ਸ੍ਰ: ਪਰਮਜੀਤ ਸਿੰਘ ਸਰਕਲ ਪ੍ਰਧਾਨ ਧਰਮਕੋਟ, ਸ੍ਰ: ਜੋਗਿੰਦਰ ਸਿੰਘ ਸਰਕਲ ਪ੍ਰਧਾਨ ਫਤਿਹਗੜ੍ਹ ਪੰਜਤੂਰ, ਸ੍ਰ: ਗੁਰਚਰਨ ਸਿੰਘ ਮੱਲੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ, ਸ੍ਰ: ਗੁਰਦਿਆਲ ਸਿੰਘ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਮੋਗਾ, ਸ੍ਰ: ਜਗੀਰ ਸਿੰਘ ਸਾਬਕਾ ਸਰਪੰਚ ਗੋਬਿੰਦਗੜ੍ਹ ਬਸਤੀ ਆਦਿ ਹਾਜ਼ਰ ਸਨ।