ਅੰਮ੍ਰਿਤਸਰ ੫ ਮਾਰਚ- ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਏ ਜਾ ਰਹੇ ਆਪਸੀ ਭਾਈਚਾਰਕ ਸਾਂਝ ਤੇ ਏਕਤਾ ਦੇ ਪ੍ਰਤੀਕ ਹੋਲਾ ਮਹੱਲਾ ਦੀਆਂ ਦੇਸ਼-ਵਿਦੇਸ਼ਾਂ ‘ਚ ਵਸਦੀਆਂ ਸਮੂਹ ਸੰਗਤਾਂ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਬਾਰਕਬਾਦ ਦਿੱਤੀ ਹੈ।

ਇਥੋਂ ਜਾਰੀ ਪ੍ਰੈਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਉਹ ਪਵਿੱਤਰ ਧਰਤੀ ਹੈ ਜੋ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਗਈ ਹੈ।ਇਥੇ ਹੀ ੧੬੯੯ ਈਸਵੀਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਵੱਖ-ਵੱਖ ਜਾਤਾਂ ਦੇ ਸਿਰਲੱਥ ਯੋਧੇ ਲੈ ਕੇ ਉਨ੍ਹਾਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ੀ ਤੇ ਫਿਰ ਆਪ ਵੀ ਉਨ੍ਹਾਂ ਤੋਂ ਅੰਮ੍ਰਿਤ ਛਕਿਆ ਅਤੇ ਜਾਤ-ਪਾਤ ਦੇ ਭੇਦਭਾਵ ਨੂੰ ਸਦਾ ਲਈ ਮਿਟਾ ਦਿੱਤਾ। ਇਸ ਪ੍ਰਥਾ ਰਾਹੀਂ ਕਲਗੀਧਰ ਦਸਮੇਸ਼ ਪਿਤਾ ਨੇ ਇਕ ਐਸੀ ਕੌਮ ਤਿਆਰ ਕੀਤੀ ਜੋ ਲੱਖਾਂ ਦੀ ਤਾਦਾਦ ‘ਚੋਂ ਪਹਿਚਾਣੀ ਜਾ ਸਕੇ।

ਜਥੇਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਓ ਅੱਜ ਦੇ ਇਤਿਹਾਸਕ ਦਿਹਾੜੇ ਤੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰੀਏ ਤੇ ਆਪਣੇ ਆਪ ਨੂੰ ਖ਼ਾਲਸਾਈ ਰੰਗ ਵਿੱਚ ਰੰਗੀਏ।