ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਹੀ ਮਿਲੇ ਸਖਤ ਸਜ਼ਾ –ਭਾਈ ਲੌਂਗੋਵਾਲ

ਅੰਮ੍ਰਿਤਸਰ, ੨੦ ਨਵੰਬਰ- ਦਿੱਲੀ ਵਿਚ ੧੯੮੪ ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ‘ਚ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਅਦਾਲਤ ਦੇ ਫੈਸਲੇ ਅਨੁਸਾਰ ਇੱਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਤੇ ਇੱਕ ਨੂੰ ਉਮਰ ਕੈਦ ਹੋਣ ਤੋਂ ਬਾਅਦ ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਫੈਸਲਾ ਭਾਵੇਂ ਦੇਰ ਨਾਲ ਹੀ ਆਇਆ ਹੈ ਪਰ ਦਰੁਸਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਇਹ ਕੇਸ ਤਾਂ ਕੇਵਲ ਇੱਕ ਮਹੱਲੇ ਨਾਲ ਸਬੰਧਤ ਸੀ ਜਦਕਿ ਸਿੱਖ ਕਤਲੇਆਮ ਦੇ ਵੱਡੇ ਦੋਸ਼ੀ ਤਾਂ ਅਜੇ ਵੀ ਆਜ਼ਾਦ ਫਿਰ ਰਹੇ ਹਨ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਹੋਰਾਂ ਨੂੰ ਵੀ ਅਜਿਹੀਆਂ ਹੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਦੁੱਖ ਤਾਂ ਇਸ ਗੱਲ ਦਾ ਹੈ ਕਿ ਸਿੱਖਾਂ ਨੂੰ ਪਿਛਲੇ ੩੪ ਸਾਲ ਤੋਂ ਇਨਸਾਫ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਣਾ ਪਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਹਮੇਸ਼ਾ ਹੀ ਪੁਸ਼ਤਪਨਾਹੀ ਕੀਤੀ ਹੈ ਅਤੇ ਜਿਹੜੇ ਵਿਅਕਤੀ ਸ਼ਰੇਆਮ ਸਿੱਖ ਕਤਲੇਆਮ ਦੇ ਦੋਸ਼ੀ ਹਨ ਉਨ੍ਹਾਂ ਨੂੰ ਕਾਂਗਰਸ ਵੱਲੋਂ ਵੱਡੇ ਵੱਡੇ ਅਹੁਦੇ ਅਤੇ ਟਿਕਟਾਂ ਦੇ ਕੇ ਨਿਵਾਜਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਿੱਖ ਸਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਅਜਿਹੀਆਂ ਹੀ ਸਖਤ ਸਜ਼ਾਵਾਂ ਨਹੀ ਮਿਲ ਜਾਂਦੀਆਂ ਸਿੱਖਾਂ ਦਾ ਰੋਸ ਠੰਡਾ ਨਹੀਂ ਹੋਵੇਗਾ।