ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ

-ਭਾਈ ਗੋਬਿੰਦ ਸਿੰਘ ਲੌਂਗੋਵਾਲ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਗੁਰੂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਗੁਰਬਾਣੀ ਮਨੁੱਖ ਨੂੰ ਅਧਿਆਤਮਿਕਤਾ ਅਤੇ ਮਾਨਵਤਾ ਦਾ ਉਪਦੇਸ਼ ਦ੍ਰਿੜ੍ਹ ਕਰਵਾਉਂਦੀ ਹੈ, ਜਿਸ ’ਤੇ ਚੱਲ ਕੇ ਮਨੁੱਖੀ-ਜੀਵਨ ਸਫ਼ਲ ਬਣਾਇਆ ਜਾ ਸਕਦਾ ਹੈ। ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਗੁਰਬਾਣੀ ਦੀ ਇਹ ਵੀ ਵਡਿਆਈ ਹੈ ਕਿ ਇਹ ਸਮੁੱਚੀ ਲੋਕਾਈ ਨੂੰ ਇੱਕ ਧਾਗੇ ਵਿਚ ਪਰੋਣ ਦਾ ਅਮਲ ਪੇਸ਼ ਕਰਦੀ ਹੈ। ਇਸ ਦਾ ਸੁਨੇਹਾ ਸਮੁੱਚੀ ਮਨੁੱਖਤਾ ਦੇ ਕਲਿਆਣ ਅਤੇ ਉਧਾਰ ਲਈ ਹੈ। ਇਹ ਚਹੁੰ ਵਰਣਾਂ ਲਈ ਸਾਂਝਾ ਉਪਦੇਸ਼ ਹੈ। ਇਸ ਸਬੰਧੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਚਨ ਹਨ:

ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ॥
(ਪੰਨਾ ੭੪੮)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪਰਮੇਸ਼ਰ/ਨਿਰੰਕਾਰ ਦੇ ਬੋਲ ਹਨ, ਜੋ ਉਸ ਦੀ ਕ੍ਰਿਪਾ-ਦ੍ਰਿਸ਼ਟੀ ਸਦਕਾ ਬਾਣੀਕਾਰਾਂ ਦੇ ਮਾਧਿਅਮ ਰਾਹੀਂ ਸੰਸਾਰੀ ਜੀਵਾਂ ਨੂੰ ਪ੍ਰਾਪਤ ਹੋਏ ਹਨ। ਇਸ ਬਾਰੇ ਗੁਰੂ ਸਾਹਿਬ ਵੱਲੋਂ ਪਾਵਨ ਗੁਰਬਾਣੀ ਅੰਦਰ ਸਪੱਸ਼ਟ ਕੀਤਾ ਗਿਆ ਹੈ:

-ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ॥
(ਪੰਨਾ ੭੬੩)
-ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ॥
(ਪੰਨਾ ੩੦੮)

ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਛੇ ਗੁਰੂ ਸਾਹਿਬਾਨ ਸਮੇਤ ਭਗਤਾਂ, ਭੱਟਾਂ ਅਤੇ ਮਹਾਪੁਰਸ਼ਾਂ ਦੀ ਮੁਬਾਰਕ ਬਾਣੀ ਸ਼ਾਮਲ ਹੈ। ਧੁਰ ਕੀ ਬਾਣੀ ਦੇ ਅਨਮੋਲ ਖਜ਼ਾਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪ ਕਰਵਾਈ। ਸੰਮਤ ੧੬੬੦ (੧੬੦੩ ਈ:) ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਥਾਨ ‘ਤੇ ਸੰਪਾਦਨਾ ਦਾ ਕਾਰਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਰੰਭ ਕਰਵਾਇਆ ਅਤੇ ਲਿਖਣ ਦੀ ਸੇਵਾ ਦਾ ਮਾਣ ਭਾਈ ਗੁਰਦਾਸ ਜੀ ਨੂੰ ਪ੍ਰਾਪਤ ਹੋਇਆ। ਸੰਮਤ ੧੬੬੧ (੧੬੦੪ ਈ:) ਨੂੰ ਇਹ ਕਾਰਜ ਸੰਪੂਰਨ ਹੋਇਆ ਅਤੇ ਇਸੇ ਸਾਲ ਹੀ ਭਾਦੋਂ ਸੁਦੀ ਏਕਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। ਸੇਵਾ-ਸੰਭਾਲ ਕਰਨ ਲਈ ਗੁਰੂ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਮੁੱਖ ਗ੍ਰੰਥੀ ਥਾਪਿਆ। ਇਸ ਤੋਂ ਬਾਅਦ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਲਵੰਡੀ ਸਾਬੋ ਦੇ ਸਥਾਨ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕੀਤੀ ਅਤੇ ਆਪਣੇ ਅੰਤਲੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਕੇ ਸਿੱਖਾਂ ਨੂੰ ਸ਼ਬਦ ਗੁਰੂ ਨਾਲ ਅਮਲੀ ਰੂਪ ਵਿਚ ਜੋੜ ਦਿੱਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਦਾ ਇਤਿਹਾਸਕ ਹਵਾਲਾ ਇਸ ਮਹਾਨ ਗ੍ਰੰਥ ਦੀ ਵਡਿਆਈ ਨੂੰ ਸਪੱਸ਼ਟ ਕਰਨ ਵਾਲਾ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸੰਪਾਦਨਾ ਦੇ ਕਾਰਜ ਦੀ ਸੰਪੂਰਨਤਾ ਉਪਰੰਤ ਭਾਦੋਂ ਸੁਦੀ ਇਕ ਸੰਮਤ ੧੬੬੧ (੧੬੦੪ ਈ:) ਨੂੰ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਤਾਂ ਇਸ ਮੌਕੇ ਇੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਸੰਗਤਾਂ ਹੁਮ-ਹੁਮਾ ਕੇ ਸ਼ਾਮਲ ਹੋਈਆਂ। ਇਹ ਦ੍ਰਿਸ਼ ਅਲੌਕਿਕ ਸੀ। ਸੰਗਤਾਂ ਵਿਚ ਸ਼ਰਧਾ ਤੇ ਸਤਿਕਾਰ ਦੀ ਸਿਖ਼ਰ ਸੀ। ਸਾਰਾ ਵਾਤਾਵਰਣ ਰੱਬੀ ਰੰਗ ਵਿਚ ਰੰਗਿਆ ਹੋਇਆ ਸੀ। ਇਹ ਪ੍ਰੰਪਰਾ ਹੁਣ ਵੀ ਬਰਕਰਾਰ ਹੈ ਅਤੇ ਹਰ ਸਾਲ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਸਮੇਂ ਅਲੌਕਿਕ ਨਜ਼ਾਰਾ ਦੇਖਣਯੋਗ ਹੁੰਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਿਮਾ ਅਦੁੱਤੀ ਹੈ। ਇਸ ਦੀ ਸੰਪਾਦਨਾ ਤੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਨ ਦੀ ਵਿਸ਼ਾਲਤਾ, ਹਰ ਧਰਮ ਦੇ ਲੋਕਾਂ ਵਿਚ ਪਰਸਪਰ ਪਿਆਰ ਰੱਖਣ ਦੇ ਉਪਰਾਲੇ, ਜ਼ਾਤਪਾਤ, ਇਲਾਕਾਵਾਦ ਅਤੇ ਬੋਲੀ ਦੇ ਝਗੜਿਆਂ ਤੋਂ ਉਚਾ ਉਠਣ ਦਾ ਪ੍ਰਤੱਖ ਸਬੂਤ ਮਿਲਦਾ ਹੈ। ਗੁਰੂ ਸਾਹਿਬ ਜੀ ਵੱਲੋਂ ਬਾਣੀ ਦੀ ਚੋਣ ਕਰਦੇ ਸਮੇਂ ਰਚਨਾਕਾਰ ਦੀ ਜ਼ਾਤ-ਪਾਤ, ਰੰਗ, ਨਸਲ, ਧਰਮ, ਦੇਸ਼ ਆਦਿ ਕਿਸੇ ਵੀ ਕਿਸਮ ਦਾ ਵਿਚਾਰ ਨਹੀਂ ਰੱਖਿਆ ਗਿਆ। ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੀ ਵਿਚਾਰਧਾਰਾ ਦੀ ਗੱਲ ਕਰੀਏ ਤਾਂ ਇਹ ਮਨੁੱਖਤਾ ਲਈ ਸਾਵੇਂ-ਸੁਖਾਵੇਂ ਜੀਵਨ ਦਾ ਮਾਰਗ ਦਰਸਾਉਣ ਵਾਲੀ ਅਤੇ ਸਮੁੱਚੇ ਸੰਸਾਰ ਵਿਚ ਪਰਸਪਰ ਪਿਆਰ, ਏਕਤਾ ਅਤੇ ਸ਼ਾਂਤੀ ਦਾ ਮਾਹੌਲ ਸਥਾਪਤ ਕਰਨ ਵਾਲੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗਿਆਨ ਦਾ ਵਡਮੁੱਲਾ ਸੋਮਾ ਹੈ, ਜੋ ਅਗਿਆਨ ਰੂਪੀ ਹਨ੍ਹੇਰੇ ਤੋਂ ਛੁਟਕਾਰੇ ਦਾ ਮਾਰਗ ਦਰਸਾਉਂਦੀ ਹੈ। ਅਸਲ ਵਿਚ ਗਿਆਨਵਾਨ ਮਨੁੱਖ ਹੀ ਜੀਵਨ ਮਾਰਗ ’ਤੇ ਚੱਲਦਿਆਂ ਆਪਣੀ ਅਸਲ ਮੰਜ਼ਿਲ ’ਤੇ ਪਹੁੰਚ ਸਕਦਾ ਹੈ, ਜਦਕਿ ਦੂਸਰੇ ਪਾਸੇ ਅਗਿਆਨੀ ਮਨੁੱਖ ਭਰਮਜਾਲ ਵਿਚ ਫਸ ਕੇ ਆਪਣਾ ਜੀਵਨ ਵਿਅਰਥ ਗਵਾ ਲੈਂਦਾ ਹੈ। ਸੋ ਗਿਆਨ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਆਸਰਾ ਬੇਹੱਦ ਜ਼ਰੂਰੀ ਹੈ:

ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ॥
(ਪੰਨਾ ੬੭)

ਸਮੁੱਚੀ ਗੁਰਬਾਣੀ ਵਿਚ ਮਨੁੱਖਤਾ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਹੈ। ਮਾਨਵਤਾ ਨੂੰ ਚੜ੍ਹਦੀ ਕਲਾ, ਸ੍ਵੈ-ਵਿਸ਼ਵਾਸ, ਸਰਬ-ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਹਿੱਤ ਜਿਉਣ ਦਾ ਰਸਤਾ ਦਿਖਾਇਆ ਗਿਆ ਹੈ। ਗੁਰਬਾਣੀ ਅੰਦਰ ਸਮੁੱਚੀ ਮਾਨਵਤਾ ਨੂੰ ਇਕ ਸਮਾਨ ਸਮਝਣ, ਆਪਸੀ ਵਿਤਕਰਿਆਂ, ਭਿੰਨ-ਭੇਦਾਂ ਤੋਂ ਉੱਪਰ ਉੱਠਣ ਦਾ ਵਾਰ-ਵਾਰ ਸੰਦੇਸ਼ ਹੈ:

ਸਭੈ ਘਟ ਰਾਮੁ ਬੋਲੈ ਰਾਮਾ ਬੋਲੈ॥ ਰਾਮ ਬਿਨਾ ਕੋ ਬੋਲੈ ਰੇ॥
(ਪੰਨਾ ੯੮੮)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਮੈਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਾ ਹਾਂ। ਇਸ ਮੁਬਾਰਕ ਦਿਹਾੜੇ ’ਤੇ ਸਾਡਾ ਸਭ ਦਾ ਸਾਂਝਾ ਫ਼ਰਜ਼ ਹੈ ਕਿ ਗੁਰਬਾਣੀ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਪ੍ਰਚਾਰਨ ਲਈ ਯਤਨਸ਼ੀਲ ਹੋਈਏ। ਗੁਰਬਾਣੀ ਸਾਡੇ ਜੀਵਨ ਨੂੰ ਸਫਲ ਬਣਾਉਣ ਵਿਚ ਅਗਵਾਈ ਕਰਦੀ ਹੈ ਅਤੇ ਜੇਕਰ ਅਸੀਂ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਕਮਾਵਾਂਗੇ ਤਾਂ ਯਕੀਨਨ ਹੀ ਆਪਣੇ ਜੀਵਨ ਦੇ ਮਕਸਦ ਨੂੰ ਪੂਰਾ ਕਰ ਲਵਾਂਗੇ। ਇਥੇ ਮੈਂ ਸੰਗਤ ਨੂੰ ਇੱਕ ਅਪੀਲ ਵੀ ਕਰਨੀ ਚਾਹਾਂਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਲਈ ਅਤਿਅੰਤ ਸਤਿਕਾਰਯੋਗ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਸਮੇਂ ਕੋਈ ਉਕਾਈ ਨਾ ਰਹੇ। ਗੁਰੂ ਘਰਾਂ ਅੰਦਰ ਬਿਜਲਈ ਉਪਕਰਣਾਂ ਦੁਆਰਾ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨੁਕਸਾਨੇ ਜਾਣ ਦੀਆਂ ਘਟਨਾਵਾਂ ਆਮ ਵਰਤਾਰਾ ਬਣ ਰਿਹਾ ਹੈ। ਅਜਿਹੀਆਂ ਹਿਰਦੇਵੇਦਕ ਘਟਨਾਵਾਂ ਵਿਚ ਪ੍ਰਬੰਧਕੀ ਅਣਗਹਿਲੀ ਹੀ ਮੁੱਖ ਕਾਰਨ ਹੈ। ਮੈਂ ਗੁਰੂ ਘਰਾਂ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਨੂੰ ਬੇਨਤੀ ਕਰਦਾ ਹਾਂ ਕਿ ਗੁਰੂ ਘਰਾਂ ਦੀ ਸੁਚੱਜੀ ਸੇਵਾ ਸੰਭਾਲ ਲਈ ਸੁਹਿਰਦ ਪਹੁੰਚ ਅਪਣਾਈਏ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ। ਇਹ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਮੈਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ ੨੦੧੯ ਵਿਚ ਮਨਾਏ ਜਾ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਦੀ ਹਾਰਦਿਕ ਵਧਾਈ ਵੀ ਦਿੰਦਾ ਹਾਂ। ਇਹ ਮੁਬਾਰਕ ਦਿਹਾੜਾ ਸਾਡੇ ਸਮਿਆਂ ਅੰਦਰ ਆਉਣਾ ਸਾਡੀ ਖ਼ੁਸ਼ਕਿਸਮਤੀ ਹੈ। ਸੋ ਆਓ, ਇਸ ਇਤਿਹਾਸਕ ਮੌਕੇ ’ਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦਾ ਹਿੱਸਾ ਬਣ ਕੇ ਗੁਰੂ ਦੀਆਂ ਖ਼ੁਸ਼ੀਆਂ ਹਾਸਲ ਕਰੀਏ।