ਧਾਰਮਿਕ ਜਥੇਬੰਦੀਆਂ ਅਤੇ ਗੁਰੂ ਨਾਨਕ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਦਾ ਲਿਆ ਜਾਵੇਗਾ ਸਹਿਯੋਗ

ਅੰਮ੍ਰਿਤਸਰ, 17 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫੇਦ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸ਼ਹਿਰ ਦੀ ਇਮਾਰਤਾਂ ਨੂੰ ਚਿੱਟੇ ਰੰਗ ਵਿਚ ਰੰਗਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਸਾਰੀਆਂ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਸਹਿਯੋਗ ਲਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਆਰੰਭਤਾ ਜਲਦ ਕੀਤੀ ਜਾਵੇਗੀ ਅਤੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਸਾਰਾ ਸ਼ਹਿਰ ਇਕ ਸੁੰਦਰ ਤੇ ਨਵੇਕਲੀ ਦਿੱਖ ਵਿਚ ਸਾਹਮਣੇ ਹੋਵੇਗਾ। ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਹਰ ਗੁਰਸਿੱਖ ਅਤੇ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਕਿਰਤੀ ਇਸ ਦਾ ਹਿੱਸਾ ਬਣਨਗੇ। ਇਸ ਵਿਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਪ੍ਰੇਰਣਾ ਲਹਿਰ ਚਲਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਪਣੀ ਕਿਰਤ ਕਮਾਈ ਵਿੱਚੋਂ ਗੁਰੂ ਨਾਨਕ ਸਾਹਿਬ ਦੇ ੧੩-੧੩ ਦੇ ਸਿਧਾਂਤ ਅਨੁਸਾਰ ਹਿੱਸਾ ਪਾਉਣ। ਇਹ ੧੩ ਰੁਪਏ, ੧੩੦੦ ਰੁਪਏ, ੧੩ ਹਜ਼ਾਰ ਰੁਪਏ ਸਮਰੱਥਾ ਅਨੁਸਾਰ ਹੋ ਸਕਦਾ ਹੈ। ਉਨ੍ਹਾਂ ਆਖਿਆ ਕਿ ਹਰ ਵਿਅਕਤੀ ਆਪੋ ਆਪਣੀ ਸਮਰੱਥਾ ਅਨੁਸਾਰ ਜਦੋਂ ਇਸ ਵਿਚ ਯੋਗਦਾਨ ਪਾਵੇਗਾ ਤਾਂ ਉਸ ਦੇ ਮਨ ਵਿਚ ਇਸ ਮੁਬਾਰਕ ਸਮੇਂ ਦੀ ਯਾਦ ਹਮੇਸ਼ਾ ਲਈ ਬਣੀ ਰਹੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਰਸੇਵਾ ਵਾਲੇ ਮਹਾਪੁਰਖ, ਸੰਤ ਸਮਾਜ, ਸਿੱਖ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਕ ਲਹਿਰ ਦੇ ਰੂਪ ਵਿਚ ਇਸ ਕਾਰਜ ਦਾ ਹਿੱਸਾ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਸਾਫ਼ ਸਫ਼ਾਈ ਅਤੇ ਹਰਿਆਵਲ ਲਈ ਵੀ ਲਹਿਰ ਚਲਾਈ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਾਰਜਾਂ ਲਈ ਵੱਧ ਤੋਂ ਵੱਧ ਸਹਿਯੋਗ ਕਰਕੇ ਗੁਰੂ ਸਾਹਿਬ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਸ਼ਮੂਲੀਅਤ ਕਰਨ।