ਅੰਮ੍ਰਿਤਸਰ, 18 ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਾਲਮੇਲ ਕਮੇਟੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਆਪਣੇ ਦੋ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਲਿਖਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਰਾਹੀਂ ਪੰਜਾਬ ਸਰਕਾਰ ਦੇ ਦੋ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਤਾਲਮੇਲ ਕਮੇਟੀ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਨੇ ਇਸ ਤਾਲਮੇਲ ਕਮੇਟੀ ਵਿਚ ਦੋ ਨੁਮਾਇੰਦੇ ਸ਼੍ਰੋਮਣੀ ਕਮੇਟੀ ਦੇ ਅਤੇ ਦੋ ਨੁਮਾਇੰਦੇ ਪੰਜਾਬ ਸਰਕਾਰ ਦੇ ਸ਼ਾਮਲ ਕਰਨ ਦਾ ਆਦੇਸ਼ ਦਿੱਤਾ ਸੀ। ਇਸ ਤੋਂ ਇਲਾਵਾ ਇਸ ਕਮੇਟੀ ਵਿਚ ਇਕ ਸਿੱਖ ਵਿਦਵਾਨ ਨੂੰ ਸ਼ਾਮਲ ਕਰਨ ਲਈ ਵੀ ਆਖਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸਰਕਾਰ ਦੇ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ ਕਿਹਾ ਹੈ।