ਭਾਈ ਲੌਂਗੋਵਾਲ ਵੱਲੋਂ ਪ੍ਰੋ. ਬਡੂੰਗਰ ਦੀ ਅਗਵਾਈ ‘ਚ ਗਠਤ ਕੀਤੀ ਗਈ ਹੈ ਸਬ ਕਮੇਟੀ

ਅੰਮ੍ਰਿਤਸਰ, ੧੧ ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਉਣ ਦੀ ਵੀ ਯੋਜਨਾ ਬਣਾਈ ਗਈ ਹੈ। ਬੇਸ਼ੱਕ ਇਸ ਤੋਂ ਪਹਿਲਾਂ ਕੁਝ ਸੈਮੀਨਾਰ ਕਰਵਾਏ ਵੀ ਜਾ ਚੁੱਕੇ ਹਨ, ਪਰੰਤੂ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਕੁਝ ਸੈਮੀਨਾਰ ਅਗਲੇ ਦਿਨਾਂ ਵਿਚ ਕਰਵਾਏ ਜਾਣਗੇ। ਇਸ ਸਬੰਧੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਵਿਸ਼ੇਸ਼ ਸਬ-ਕਮੇਟੀ ਗਠਤ ਕੀਤੀ ਗਈ ਹੈ, ਜਿਸ ਦੀ ਪਲੇਠੀ ਇਕੱਤਰਤਾ ਭਲਕੇ ੧੨ ਜੁਲਾਈ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਰੱਖੀ ਗਈ ਹੈ। ਇਸ ਸਬ-ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਕੁਲਦੀਪ ਕੌਰ ਟੌਹੜਾ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਸ਼ਾਮਲ ਹਨ। ਕਮੇਟੀ ਦੇ ਕੋਆਰਡੀਨੇਟਰ ਵਜੋਂ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਡਾਇਰੈਕਟਰ ਵਿੱਦਿਆ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਜ਼ੁੰਮੇਵਾਰੀ ਦਿੱਤੀ ਗਈ ਹੈ। ਸਬ-ਕਮੇਟੀ ਦੇ ਮੁਖੀ ਅਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਭਲਕੇ ਹੋਣ ਵਾਲੀ ਇਕੱਤਰਤਾ ਵਿਚ ਸੈਮੀਨਾਰਾਂ ਸਬੰਧੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾਵੇਗੀ, ਜਿਸ ਅਨੁਸਾਰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸੈਮੀਨਾਰ ਹੋਣਗੇ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸਬ-ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ. ਚਰਨਜੀਤ ਸਿੰਘ ਕਾਲੇਵਾਲ, ਸ. ਜੈਪਾਲ ਸਿੰਘ ਮੰਡੀਆਂ ਅਤੇ ਸ. ਸੁਖਹਰਪ੍ਰੀਤ ਸਿੰਘ ਰੋਡੇ ਨੂੰ ਵੀ ਸੱਦਾ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿਖੇ ਵੀ ਕੁਝ ਸੈਮੀਨਾਰ ਕਰਵਾਉਣ ਦੀ ਯੋਜਨਾ ਹੈ।