ਸਰਕਾਰ ਦੇ ਨੁਮਾਇੰਦਿਆਂ ਦੀ ਗੈਰ ਮੌਜੂਦਗੀ ਕਾਰਨ ਨਾ ਹੋ ਸਕੀ ਤਾਲਮੇਲ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 14 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਂਝੀ ਤਾਲਮੇਲ ਕਮੇਟੀ ਬਣਾਉਣ ਲਈ ਆਦੇਸ਼ ਕੀਤਾ ਗਿਆ ਸੀ, ਜਦਕਿ ਪੰਜਾਬ ਸਰਕਾਰ ਸੰਜੀਦਗੀ ਨਹੀਂ ਦਿਖਾ ਰਹੀ। ਇਹ ਪ੍ਰਤੀਕਿਰਿਆ ਉਨ੍ਹਾਂ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਤਰਫੋਂ ਨੁਮਾਇੰਦੇ ਨਾ ਪੁੱਜਣ ‘ਤੇ ਪ੍ਰਗਟ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਤਾਲਮੇਲ ਕਮੇਟੀ ਲਈ ਆਪਣੇ ਮੈਂਬਰ ਜਥੇਦਾਰ ਤੋਤਾ ਸਿੰਘ ਅਤੇ ਬੀਬੀ ਜਗੀਰ ਕੌਰ ਨਿਰਧਾਰਿਤ ਕੀਤੇ ਹਨ। ਇਸ ਤੋਂ ਇਲਾਵਾ ਸਾਂਝੇ ਨੁਮਾਇੰਦੇ ਵਜੋਂ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਲਿਆ ਗਿਆ ਹੈ, ਜਦਕਿ ਪੰਜਾਬ ਸਰਕਾਰ ਨੇ ਆਪਣੇ ਨੁਮਾਇੰਦਿਆਂ ਦੇ ਨਾਂ ਨਹੀਂ ਭੇਜੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ੧੮ ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧੀ ਪੱਤਰ ਲਿਖਿਆ ਸੀ। ਇਸ ਮਗਰੋਂ ੧੪ ਅਗਸਤ ਨੂੰ ਮੀਟਿੰਗ ਰੱਖਦਿਆਂ ਫਿਰ ਅਪੀਲ ਕੀਤੀ ਸੀ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਤਾ ਨਹੀਂ ਕਿਸ ਕਾਰਨ ਪੰਜਾਬ ਸਰਕਾਰ ਸਾਂਝੇ ਯਤਨਾਂ ਨੂੰ ਬੂਰ ਨਹੀਂ ਪੈਣ ਦੇਣ ਰਹੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਨੁਮਾਇੰਦਾ ਵੀ ਸ਼ਾਮਲ ਹੋਇਆ, ਪਰੰਤੂ ਪੰਜਾਬ ਸਰਕਾਰ ਤਰਫੋਂ ਕੋਈ ਨਾ ਪੁੱਜਣ ਕਾਰਨ ਇਕੱਤਰਤਾ ਨਹੀਂ ਹੋ ਸਕੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਲਈ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੇ ਨਾਂ ਦਿੱਤੇ ਜਾਣ। ਭਾਈ ਲੌਂਗੋਵਾਲ ਅਨੁਸਾਰ ਅਗਲੀ ਇਕੱਤਰਤਾ ੬ ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਰੱਖੀ ਗਈ ਹੈ ਅਤੇ ਇਸ ਤੋਂ ਪਹਿਲਾਂ ਪਹਿਲਾਂ ਪੰਜਾਬ ਸਰਕਾਰ ਨੂੰ ਨਾਂ ਭੇਜ ਦੇਣੇ ਚਾਹੀਦੇ ਹਨ।