ਨਗਰ ਕੀਰਤਨ ਦੀ ਸੰਪੂਰਨਤਾ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਨਮਾਨ ਸਮਾਗਮ ਅੱਜ

ਅੰਮ੍ਰਿਤਸਰ, 8 ਅਕਤੂਬਰ- ਮਾਨਵਤਾ ਨੂੰ ਸਰਬ-ਸਾਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਅੱਜ ੮ਵੇਂ ਤੇ ਆਖਰੀ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ, ਜਿਸ ਵਿਚ ਗੁਰੂ ਨਾਕ ਨਾਮ ਲੇਵਾ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਕੀਤੀ ਅਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਭੇਟ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਸਿਮਰਜੀਤ ਸਿੰਘ ਕੰਗ, ਬਾਬਾ ਸੁਰਿੰਦਰ ਸਿੰਘ ਕਾਰਸੇਵਾ ਵਾਲੇ, ਮੈਂਬਰ ਸ. ਨਿਰਮੈਲ ਸਿੰਘ ਜੌਹਲਾਂ, ਮੈਨੇਜਰ ਸ. ਨੱਥਾ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਕਈ ਪ੍ਰਮੁੱਖ ਅਧਿਕਾਰੀ ਵੀ ਮੌਜੂਦ ਸਨ। ਇਸੇ ਦੌਰਾਨ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ (ਲੁਧਿਆਣਾ) ਵਿਖੇ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਦਾ ਭਰਪੂਰ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਭਾਈ ਲੌਂਗੋਵਾਲ ਨਾਲ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਪ੍ਰਿਤਪਾਲ ਸਿੰਘ ਲੁਧਿਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਮੈਨੇਜਰ ਸ. ਜਸਵਿੰਦਰ ਸਿੰਘ ਮਾਂਗੇਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ੧ ਅਕਤੂਬਰ ਤੋਂ ਆਰੰਭ ਹੋਏ ਇਸ ਵਿਸ਼ਾਲ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਨਿੱਘਾ ਸਵਾਗਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਭਲਕੇ ੯ ਅਕਤੂਬਰ ਨੂੰ ਨਗਰ ਕੀਰਤਨ ਦੀ ਸਮਾਪਤੀ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਨਗਰ ਕੀਰਤਨ ਦੌਰਾਨ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਦਾ ਸਨਮਾਨ ਕੀਤਾ ਜਾਵੇਗਾ।