ਅੰਮ੍ਰਿਤਸਰ ੧੪ ਫਰਵਰੀ (      ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਦੁੱਖ ਭੰਜਨੀ ਬੇਰ ਸਾਹਿਬ ਨਜ਼ਦੀਕ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ।ਉਦਘਾਟਨ ਤੋਂ ਪਹਿਲਾਂ ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਆ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੇ ਲਿਆ।ਉਪਰੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਸ. ਰਜਿੰਦਰ ਸਿੰਘ ਮਹਿਤਾ ਤੇ ਸ. ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਨਵੇਂ ਬਣੇ ਕਮਰਿਆਂ ਦੀਆਂ ਚਾਬੀਆਂ ਭੇਟ ਕੀਤੀਆਂ।
ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕਮਰਿਆਂ ਦੀ ਸੇਵਾ ਗੁਰੂ-ਘਰ ਦੇ ਅਨਿਨ ਸੇਵਕ ਤੇ ਸ਼ਰਧਾਵਾਨ ਸ. ਪ੍ਰਭਜੋਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਸ. ਸਵਿੰਦਰਪਾਲ ਸਿੰਘ ਅਤੇ ਸ. ਇੰਦਰਪਾਲ ਸਿੰਘ ਵਾਸੀ ਅੰਮ੍ਰਿਤਸਰ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਘਰ ਦੀ ਸੇਵਾ ਭਾਗਾਂ ਵਾਲੇ ਮਨੁੱਖ ਨੂੰ ਹੀ ਨਸੀਬ ਹੁੰਦੀ ਹੈ।ਉਨ੍ਹਾਂ ਕਿਹਾ ਕਿ ਗੁਰੂ-ਘਰ ਦੀ ਸੇਵਾ ਕਰਨ ਵਾਲਿਆਂ ‘ਤੇ ਸਤਿਗੁਰੂ ਜੀ ਦੀ ਅਪਾਰ ਬਖਸ਼ਿਸ਼ ਹੁੰਦੀ ਹੈ ਤੇ ਉਹ ਆਪ ਅੰਗ-ਸੰਗ ਸਹਾਈ ਹੋ ਕੇ ਸੇਵਾ ਲੈਂਦੇ ਹਨ।ਇਸ ਮੌਕੇ ਸ. ਪ੍ਰਭਜੋਤ ਸਿੰਘ ਦੇ ਪਰਿਵਾਰ ਤੇ ਹਾਜ਼ਰ ਸ਼ਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਗੁਰਿੰਦਰ ਸਿੰਘ ਮੈਨੇਜਰ, ਸ. ਬਘੇਲ ਸਿੰਘ ਤੇ ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਨਾਮ ਸਿੰਘ, ਬਾਬਾ ਫਤਹਿ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਹਰੀ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।