ਗਿਆਨੀ ਗੁਰਮੁੱਖ ਸਿੰਘ ਪਾਸੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲਈਆਂ

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਲਗਾਇਆ

ਸ਼੍ਰੋਮਣੀ ਕਮੇਟੀ ਅੰਮ੍ਰਿਤਧਾਰੀ ਬੱਚਿਆਂ ਨੂੰ ਆਰਥਿਕ ਸਹਾਇਤਾ ਜਾਰੀ ਰੱਖੇਗੀ – ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸਹਾਇਤਾ ਤੋਂ ਵਾਂਝੇ ਰਹੇ ਧਰਮੀ ਫੌਜੀਆਂ ਨੂੰ ਸਹਾਇਤਾ ਦੇਣ ਦਾ ਕੀਤਾ ਫੈਸਲਾ

ਸ੍ਰੀ ਫਤਹਿਗੜ੍ਹ ਸਾਹਿਬ, 21 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਅੱਜ ਹੋਈ ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਗਿਆਨੀ ਗੁਰਮੁੱਖ ਸਿੰਘ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈਂਦਿਆਂ ਉਨ੍ਹਾਂ ਦੀ ਤਬਦੀਲੀ ਬਤੌਰ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਪਾਤਸ਼ਾਹੀ ਨੌਵੀਂ (ਹਰਿਆਣਾ) ਵਿਖੇ ਕਰ ਦਿੱਤੀ ਗਈ। ਇਕੱਤਰਤਾ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਿੰਘ ਸਾਹਿਬਾਨ ਦਾ ਕਾਰਜ ਖੇਤਰ ਧਾਰਮਿਕ ਹੈ ਪਰ ਪਿਛਲੇ ਦਿਨਾਂ ਤੋਂ ਗਿਆਨੀ ਗੁਰਮੁੱਖ ਸਿੰਘ ਵੱਲੋਂ ਮਰਯਾਦਾ ਤੋਂ ਬਾਹਰ ਜਾ ਕੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਕਰਕੇ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਪਾਸੋਂ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਕੇ ਉਨ੍ਹਾਂ ਦੀ ਤਬਦੀਲੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਸੌਂਪੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਗਿਆਨੀ ਗੁਰਮੁੱਖ ਸਿੰਘ ਦੀ ਜਗ੍ਹਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਦੇ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਲਗਾ ਦਿੱਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਸਬੰਧੀ ਪ੍ਰੋ: ਬਡੂੰਗਰ ਨੇ ਦੱਸਿਆ ਕਿ  ਸ਼੍ਰੋਮਣੀ ਕਮੇਟੀ ਅੰਮ੍ਰਿਤਧਾਰੀ ਬੱਚਿਆਂ ਨੂੰ ਆਰਥਿਕ ਸਹਾਇਤਾ ਜਾਰੀ ਰੱਖੇਗੀ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਗੁਰਸਿੱਖ ਅੰਮ੍ਰਿਤਧਾਰੀ ਬੱਚਿਆਂ ਨੂੰ ਵਿਦਿਅਕ ਸੈਸ਼ਨ 2017-18 ਲਈ ਪੰਜ ਵਰਗਾਂ ਵਿਚ ਵੰਡ ਕੇ ਵਜ਼ੀਫੇ ਦਿੱਤੇ ਜਾਣਗੇ। ਇਸ ਕਾਰਜ ਲਈ ਪੰਜ ਵਰਗ ਬਣਾਏ ਗਏ ਹਨ। ਜਿਸ ਤਹਿਤ ਦੂਸਰੀ ਤੋਂ ਪੰਜਵੀਂ ਤਕ 2 ਹਜ਼ਾਰ ਰੁਪਏ, ਛੇਵੀਂ ਤੋਂ ਦਸਵੀਂ ਤਕ 3 ਹਜ਼ਾਰ 5 ਸੌ ਰੁਪਏ, ਸੱਤਵੀਂ ਤੋਂ ਬਾਰ੍ਹਵੀਂ ਤਕ 5 ਹਜ਼ਾਰ ਰੁਪਏ, ਗ੍ਰੈਜੂਏਸ਼ਨ ਵਾਲੇ ਵਿਦਿਆਰਥੀਆਂ ਲਈ 8 ਹਜ਼ਾਰ ਰੁਪਏ ਅਤੇ ਪੋਸਟ ਗ੍ਰੈਜੂਏਸ਼ਨ ਵਾਲਿਆਂ ਲਈ 10 ਹਜ਼ਾਰ ਰੁਪਏ ਵਜ਼ੀਫੇ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਸਿੱਖ ਵਿਦਿਆਰਥੀਆਂ ਨੂੰ ਵੀ ਸ਼੍ਰੋਮਣੀ ਕਮੇਟੀ ਸਨਮਾਨਿਤ ਕਰੇਗੀ। ਜਿਹੜੇ ਅੰਮ੍ਰਿਤਧਾਰੀ ਵਿਦਿਆਰਥੀ ਭਾਰਤ ਦੇ ਵੱਖ-ਵੱਖ ਬੋਰਡਾਂ ਦੀਆਂ ਪ੍ਰੀਖਿਆਵਾਂ ਵਿਚੋਂ ਪਹਿਲੇ 20 ਸਥਾਨਾਂ ‘ਤੇ ਆਉਣਗੇ ਉਨ੍ਹਾਂ ਨੂੰ 51-51 ਹਜ਼ਾਰ ਰੁਪਏ ਦਿੱਤੇ ਜਾਣਗੇ। ਆਈ.ਏ.ਐਸ., ਆਈ.ਪੀ.ਐਸ. ਤੇ ਇਸਦੇ ਬਰਾਬਰ ਦੀਆਂ ਪ੍ਰੀਖਿਆਵਾਂ ਵਿਚ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖ ਉਮੀਦਵਾਰਾਂ ਨੂੰ 1 ਲੱਖ ਰੁਪਏ ਦਾ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ। ਪੀ.ਸੀ.ਐਸ. ਵਿਚ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖ ਉਮੀਦਵਾਰਾਂ ਨੂੰ 75 ਹਜ਼ਾਰ ਰੁਪਏ ਦਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਖੇਤੀਬਾੜੀ ਤੇ ਸਾਇੰਸ ਵਿਚ ਵਿਸ਼ੇਸ਼ ਖੋਜ ਕਾਰਜ ਕਰਨ ਵਾਲੇ ਸਾਬਤ ਸੂਰਤ ਸਿੱਖ ਵਿਗਿਆਨੀਆਂ ਨੂੰ 1 ਲੱਖ ਰੁਪਏ ਦਿੱਤੇ ਜਾਣਗੇ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਤਿਆਰ ਕਰਵਾਇਆ ਜਾ ਰਿਹਾ ਟੀਕਾ ਸ਼੍ਰੋਮਣੀ ਕਮੇਟੀ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਰਾਹੀਂ ਮੁਕੰਮਲ ਕਰਵਾਇਆ ਜਾਵੇਗਾ। ਇਹ ਕਾਰਜ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੰ੍ਰਥ ਸਾਹਿਬ ਅਧਿਐਨ ਕੇਂਦਰ ਰਾਹੀਂ ਕਰਵਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹੀਦ ਹੋਏ ਧਰਮੀ ਫੌਜੀਆਂ ਦੇ ਵਾਰਸਾਂ ਨੂੰ ਅਜੇ ਤੀਕ ਕੋਈ ਸਹਾਇਤਾ ਨਹੀਂ ਮਿਲੀ ਉਨ੍ਹਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਜਿਨ੍ਹਾਂ ਧਰਮੀ ਫੌਜੀਆਂ ਦੇ ਬੱਚਿਆਂ ਨੂੰ ਅਜੇ ਤੀਕ ਨੌਕਰੀ ਨਹੀਂ ਮਿਲੀ ਉਨ੍ਹਾਂ ਨੂੰ ਯੋਗਤਾ ਅਨੁਸਾਰ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ 6 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ।

ਉਨ੍ਹਾਂ ਹੋਰ ਫੈਸਲਿਆਂ ਸਬੰਧੀ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੁੱਜੀ ਦਰਖਾਸਤ ਦੇ ਅਧਾਰ ‘ਤੇ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਜੋ ਨਨਕਾਣਾ ਸਾਹਿਬ ਟਰੱਸਟ ਵਿਖੇ ਨੌਕਰੀ ਕਰ ਰਹੇ ਹਨ ਦੀਆਂ ਸੇਵਾਵਾਂ ਨੂੰ ਪੱਕਿਆਂ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਨਨਕਾਣਾ ਸਾਹਿਬ ਪਬਲਿਕ ਸਕੂਲ ਲੁਧਿਆਣਾ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਬਕਾਇਆ ਫੀਸਾਂ ਲਈ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। 1984 ਵਿਚ ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਸਾੜੇ ਗਏ ਸੁਨਾਮ ਵਾਸੀ ਸ. ਮੁਖਤਿਆਰ ਸਿੰਘ ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਮੌਕੇ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ ਅੰਮ੍ਰਿਤਸਰ, ਸ: ਜੈਪਾਲ ਸਿੰਘ ਮੰਡੀਆਂ, ਸ: ਸੁਰਜੀਤ ਸਿੰਘ ਭਿੱਟੇਵੱਡ, ਸ: ਨਿਰਮਲ ਸਿੰਘ ਹਰਿਆਓ, ਸ: ਗੁਰਮੇਲ ਸਿੰਘ ਸੰਗਤਪੁਰਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜੋਗਿੰਦਰ ਕੌਰ ਬਠਿੰਡਾ ਤੇ ਸ: ਸੁਰਜੀਤ ਸਿੰਘ ਕਾਲਾਬੂਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਅਵਤਾਰ ਸਿੰਘ, ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਕੇਵਲ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ ਮੀਡੀਆ, ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ. ਬਲਵਿੰਦਰ ਸਿੰਘ ਭਮਾਰਸੀ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਤੇ ਹੋਰ ਹਾਜ਼ਰ ਸਨ।